ਸੰਤੋਖ ਗਿੱਲ
ਗੁਰੂਸਰ ਸੁਧਾਰ, 14 ਸਤੰਬਰ
ਕਿਲ੍ਹਾ ਰਾਏਪੁਰ ਵਿਚ ਅਕਾਲੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਚੱਲ ਰਹੇ ਲੜੀਵਾਰ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਦੀ ਚਿੰਤਾ ਛੱਡ ਕੇ ਆਪਣੀ ਸਰਕਾਰ ਚਲਾਉਣ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਧਰਨੇ ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਅਤੇ ਟੌਲ ਪਲਾਜ਼ਿਆ ਉੱਪਰ ਲਾਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਦੀ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਵਿਰੋਧੀ ਨੀਤੀਆਂ ਹੀ ਲਾਗੂ ਕੀਤੀਆਂ ਹਨ। ਲੜੀਵਾਰ ਧਰਨੇ ਦੀ ਅਗਵਾਈ ਅਮਨਦੀਪ ਕੌਰ ਨੇ ਕੀਤੀ। ਜਨਵਾਦੀ ਇਸਤਰੀ ਸਭਾ ਦੀ ਆਗੂ ਕੁਲਜੀਤ ਕੌਰ ਗਰੇਵਾਲ, ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ ਆਦਿ ਨੇ ਕਿਹਾ ਕਿ ਜੇ ਕੈਪਟਨ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਿਆ ਤਾਂ ਉਸ ਨੂੰ ਵੀ ਮੋਦੀ ਸਰਕਾਰ ਵਾਂਗ ਕਿਸਾਨ ਦੇ ਰੋਹ ਦਾ ਸ਼ਿਕਾਰ ਹੋਣਾ ਪਵੇਗਾ।