ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖੇਤੀਬਾੜੀ ਵਿਦਿਆਰਥੀਆਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ

ਸੂਬੇ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ; ਮੰਡੀ ਬੋਰਡ ਦੇ ਚੇਅਰਮੈਨ ਨਾਲ ਮੀਟਿੰਗ ਦਾ ਭਰੋਸਾ
ਪੀ ਏ ਯੂ ਵਿੱਚ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। ਫੋਟੋ: ਹਿਮਾਂਸ਼ੂ ਮਹਾਜਨ
Advertisement

ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਦੀ ਅਗਵਾਈ ਹੇਠ ਖੇਤੀਬਾੜੀ ਦੀ ਪੜ੍ਹਾਈ ਪੂਰੀ ਕਰ ਚੁੱਕੇ ਅਤੇ ਕਰ ਰਹੇ ਵਿਦਿਆਰਥੀਆਂ ਵੱਲੋਂ ਬੀਤੇ ਦਿਨ ਸ਼ੁਰੂ ਕੀਤਾ ਗਿਆ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਪ੍ਰਦਰਸ਼ਨ ਦੌਰਾਨ ਦੇਰ ਸ਼ਾਮ ਡੀਨ ਖੇਤੀਬਾੜੀ ਕਾਲਜ ਨੇ ਵਿਦਿਆਰਥੀਆਂ ਦੇ ਵਫ਼ਦ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਮੀਟਿੰਗ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਵਾਉਣ ਦਾ ਭਰੋਸਾ ਦਿੱਤਾ ਹੈ। ਧਰਨਾਕਾਰੀਆਂ ਨੇ 26 ਸਤੰਬਰ ਨੂੰ ਕਿਸਾਨ ਮੇਲੇ ਦੌਰਾਨ ਕਾਲੀਆਂ ਪੱਟੀਆਂ ਬੰਨ੍ਹ ਕੇ ਚੌਕਾਂ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਖੇਤੀਬਾੜੀ ਦੀ ਪੜ੍ਹਾਈ ਕਰਨ ਵਾਲੇ ਅਤੇ ਕਰ ਰਹੇ ਵਿਦਿਆਰਥੀਆਂ ਵੱਲੋਂ ਐਸੋਸੀਏਸ਼ਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਤੀਬਾੜੀ ਡਾਕਟਰ ਭਰਤੀ ਕਰਨ, ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਵਾਉਂਣ ਅਤੇ ਸਕੂਲਾਂ ਵਿੱਚ ਖੇਤੀਬਾੜੀ ਮਾਸਟਰ ਕੇਡਰ ਦੀ ਮੁੜ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਬੀਤੇ ਦਿਨ ਉਨ੍ਹਾਂ ਪੀਏਯੂ ਦੇ ਗੇਟ ਨੰਬਰ ਇੱਕ ਦੇ ਬਾਹਰ ਅਣਮਿੱਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕੀਤਾ ਹੋਇਆ ਹੈ। ਇਸ ਰੋਸ ਧਰਨੇ ਦੇ ਅੱਜ ਦੂਜੇ ਦਿਨ ਵੀ ਖੇਤੀਬਾੜੀ ਵਿਦਿਆਰਥੀਆਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਭਵਿੱਖ ਧੁੰਦਲਾ ਹੋਣ ਦੀ ਗੁਹਾਰ ਲਾਈ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਨੇ ਕਿਹਾ ਕਿ 26 ਸਤੰਬਰ ਤੋਂ ਪੀਏਯੂ ਕੈਂਪਸ ਵਿੱਚ ਕਿਸਾਨ ਮੇਲਾ ਲੱਗ ਰਿਹਾ ਹੈ ਅਤੇ ਉਹ ਮੇਲੇ ਦੌਰਾਨ ਕਾਲੀਆਂ ਪੱਟੀਆਂ ਬੰਨ੍ਹ ਕੇ ਚੌਕਾਂ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਏਡੀਓ ਦੀਆਂ 934 ਅਸਾਮੀਆਂ ਵਿੱਚੋਂ 40 ਫੀਸਦ, ਏਐਸਆਈ ਦੀਆਂ 725 ਵਿੱਚੋਂ 315, ਮਾਰਕੀਟ ਸੈਕਟਰੀ ਦੀਆਂ 115 ਵਿੱਚੋਂ 105, ਐਚਡੀਓ ਦੀਆਂ 225 ਵਿੱਚੋਂ 139, ਡੀਐਮਓ ਦੀਆਂ 23 ਵਿੱਚੋਂ 18 ਅਤੇ ਐਸਸੀਓ ਦੀਆਂ 226 ਵਿੱਚੋਂ 130 ਅਸਾਮੀਆਂ ਖਾਲੀ ਪਈਆਂ ਹਨ। ਉਹਨਾਂ ਕਿਹਾ ਕਿ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਅਤੇ ਕਰ ਰਹੇ ਵਿਦਿਆਰਥੀਆਂ ਦਾ ਭਵਿੱਖ ਵਧੀਆ ਬਣਾਉਣ ਅਤੇ ਪੰਜਾਬ ਦੀ ਡੁੱਬਦੀ ਹੋਈ ਕਿਸਾਨੀ ਨੂੰ ਬਚਾਉਣ ਲਈ ਉਕਤ ਅਸਾਮੀਆਂ ਜਲਦੀ ਤੋਂ ਜਲਦੀ ਭਰੀਆਂ ਜਾਣ। ਪ੍ਰਦਰਸ਼ਨਕਾਰੀਆਂ ਵੱਲੋਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

Advertisement

Advertisement
Show comments