ਖੇਤੀਬਾੜੀ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਅੱਜ
ਪਿਛਲੇ ਕਈ ਦਿਨਾਂ ਤੋਂ ਧਰਨੇ ’ਤੇ ਬੈਠੇ ਖੇਤੀਬਾੜੀ ਦੀ ਪੜ੍ਹਾਈ ਕਰਦੇ ਅਤੇ ਕਰ ਚੁੱਕੇ ਨੌਜਵਾਨਾਂ ਵੱਲੋਂ ਅੱਜ ਵੀ ਰੋਸ ਧਰਨਾ ਜਾਰੀ ਰੱਖਿਆ। ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਸਣੇ ਹੋਰ ਸਬੰਧਤ ਵਿਭਾਗਾਂ ਵਿੱਚ ਅਨੇਕਾਂ ਹੀ ਅਸਾਮੀਆਂ ਖਾਲੀ ਪਈਆਂ ਹਨ ਪਰ ਇਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ। ਇਸ ਕਰਕੇ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਨੌਜਵਾਨ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੇ ਐਲਾਨ ਕੀਤਾ ਕਿ 6 ਨਵੰਬਰ ਨੂੰ ਉਹ ਫਿਰੋਜ਼ਪੁਰ ਰੋਡ ’ਤੇ ਤਿੱਖਾ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਲਿਖਤੀ ਭਰੋਸਾ ਦੇਣ ਅਤੇ ਨੋਟੀਫਿਕੇਸ਼ਨ ਜਾਰੀ ਕਰਨ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ। ਨੌਜਵਾਨਾਂ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ, ਪਿੰਡਾਂ ਵਿੱਚ ਖੇਤੀਬਾੜੀ ਡਾਕਟਰ ਰੱਖਣ, ਸਕੂਲਾਂ ਵਿੱਚ ਖੇਤੀਬਾੜੀ ਦਾ ਵਿਸ਼ਾ ਲਾਜ਼ਮੀ ਕਰਕੇ ਖੇਤੀਬਾੜੀ ਮਾਸਟਰ ਭਰਤੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਸਰਕਾਰ ਇਸ ਪਾਸਿਓਂ ਅਵੇਸਲੀ ਹੋਈ ਬੈਠੀ ਹੈ ਜੋ ਚਿੰਤਾ ਦਾ ਵਿਸ਼ਾ ਹੈ।
:
