ਖੇਤੀਬਾੜੀ ਅਧਿਕਾਰੀ ’ਤੇ ਹਮਲਾ, ਪੱਗ ਲਾਹੀ
ਪਰਾਲੀ ਫੂਕਣ ਦੇ ਮਾਮਲੇ ਵਿੱਚ ਕਾਰਵਾਈ ਲਈ ਜੱਸੋਵਾਲ ਪਿੰਡ ਨੂੰ ਜਾ ਰਹੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਰਾਹ ਰੋਕਣ ਅਤੇ ਹਮਲਾ ਕਰਨ ਦੇ ਮਾਮਲੇ ਵਿੱਚ ਥਾਣਾ ਸੁਧਾਰ ਦੀ ਪੁਲੀਸ ਨੇ ਬੋਪਾਰਾਏ ਕਲਾਂ ਦੇ ਕਿਸਾਨ ਅਮਰਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਫ਼ਸਰ ਸੁਖਦੇਵ ਸਿੰਘ ਅਨੁਸਾਰ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੱਬੀਆਂ ਸਰਕਲ ਦੇ ਖੇਤੀਬਾੜੀ ਵਿਸਥਾਰ ਅਫ਼ਸਰ ਅਮਨਦੀਪ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੱਸੋਵਾਲ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਈ ਗਈ ਹੈ। ਇਸ ਸੂਚਨਾ ਦੇ ਆਧਾਰ ’ਤੇ ਉਹ ਜਗਰਾਉਂ ਦੇ ਖੇਤੀਬਾੜੀ ਅਫ਼ਸਰ ਡਾ. ਜਗਤਿੰਦਰ ਸਿੰਘ ਨਾਲ ਆਪਣੀ ਗੱਡੀ ਵਿੱਚ ਮੌਕੇ ਦਾ ਜਾਇਜ਼ਾ ਲੈਣ ਲਈ ਜਾ ਰਹੇ ਸਨ। ਰਸਤੇ ਵਿੱਚ ਅਮਰਜੀਤ ਸਿੰਘ ਨੇ ਆਪਣੀ ਕੰਬਾਈਨ ਖੜ੍ਹੀ ਕਰ ਕੇ ਉਨ੍ਹਾਂ ਦਾ ਰਾਹ ਰੋਕ ਦਿੱਤਾ। ਅਧਿਕਾਰੀਆਂ ਨੇ ਜਦੋਂ ਰਾਹ ਦੇਣ ਲਈ ਆਖਿਆ ਤਾਂ ਉਹ ਭੜਕ ਗਿਆ। ਅਮਨਦੀਪ ਸਿੰਘ ਨੇ ਦੋਸ਼ ਲਾਇਆ ਕਿ ਅਮਰਜੀਤ ਸਿੰਘ ਨੇ ਉਨ੍ਹਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਨਾਲ ਗਾਲੀ-ਗਲੋਚ ਕੀਤਾ। ਬਾਅਦ ਵਿੱਚ ਮੁਲਜ਼ਮ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕਰਦਿਆਂ ਉਨ੍ਹਾਂ ਦੀ ਪੱਗ ਲਾਹ ਦਿੱਤੀ ਅਤੇ ਹੱਥ ਵਿੱਚ ਫੜੀ ਗਰਮ ਚਾਹ ਉਨ੍ਹਾਂ ਦੇ ਚਿਹਰੇ ’ਤੇ ਸੁੱਟ ਦਿੱਤੀ। ਇਸ ਘਟਨਾ ਤੋਂ ਬਾਅਦ ਥਾਣਾ ਸੁਧਾਰ ਦੀ ਪੁਲੀਸ ਨੇ ਅਮਰਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ਦੇ ਜਾਂਚ ਅਫ਼ਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।
