ਪੀ ਏ ਯੂ ਵਿੱਚ ਐਗਰੀਕਲਚਰ ਸਟੂਡੈਂਟ ਐਸੋਸੀਏਸ਼ਨ ਦੀ ਅਗਵਾਈ ਹੇਠ 106 ਦਿਨਾਂ ਤੋਂ ਧਰਨੇ ’ਤੇ ਬੈਠੇ ਵਿਦਿਆਰਥੀਆਂ ਨੇ ਅੱਜ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਿਆ। ਵਿਦਿਆਰਥੀਆਂ ਦੇ ਵਫ਼ਦ ਨੇ ਦੱਸਿਆ ਕਿ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਜਲਦੀ ਮੰਨਣ ਦਾ ਭਰੋਸਾ ਦਿੱਤਾ ਹੈ।
ਪੀ ਏ ਯੂ ਵਿੱਚ ਧਰਨਾ ਦੇ ਰਹੇ ਖੇਤੀਬਾੜੀ ਦੀ ਪੜ੍ਹਾਈ ਕਰਦੇ ਅਤੇ ਕਰ ਚੁੱਕੇ ਵਿਦਿਆਰਥੀਆਂ ਵੱਲੋਂ ਖੇਤੀਬਾਹੜੀ ਵਿਕਾਸ ਅਫਸਰ, ਖੇਤੀਬਾੜੀ ਸਬ ਇੰਸਪੈਕਟਰ, ਸੈਕਟਰੀ ਮਾਰਕੀਟ ਕਮੇਟੀ, ਮਿੱਟੀ ਸੰਰਕਰਸ਼ਣ ਅਫਸਰ, ਮਾਰਕਫੈੱਡ, ਪੰਜਾਬ ਐਗਰੋ, ਪਨਸੀਡ ਅਤੇ ਹੋਰ ਖੇਤੀਬਾੜੀ ਡਿਗਰੀ ਨਾਲ ਸਬੰਧਤ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਦੀ ਮੰਗ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਗਏ ਪਰ ਹਾਲਾਂ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਧਰਨੇ ’ਤੇ ਬੈਠੇ ਵਿਦਿਆਰਥੀ ਆਗੂ ਮਨਪ੍ਰਤੀ ਸਿੰਘ ਨੇ ਦੱਸਿਆ ਕਿ ਉਹ ਪਿਛਲੇ 106 ਦਿਨਾਂ ਤੋਂ ਠੰਢ ਦੇ ਬਾਵਜੂਦ ਲਗਾਤਾਰ ਧਰਨੇ ’ਤੇ ਬੈਠੇ ਹੋਏ ਹਨ ਪਰ ਹਾਲੇ ਤੱਕ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ। ਅੱਜ ਪੀ ਏ ਯੂ ਪਹੁੰਚੇ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਮੰਗਾਂ ਸਬੰਧੀ ਮੀਟਿੰਗ ਬੁਲਾਉਣਗੇ ਅਤੇ ਸਬੰਧਤ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ।

