ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖੇਤੀਬਾੜੀ ’ਵਰਸਿਟੀ: ਮੰਗ ਪੱਤਰਾਂ ਦੀਆਂ ਤਸਵੀਰਾਂ ਦੇ ਬੈਨਰ ਲਾ ਕੇ ਪ੍ਰਦਰਸ਼ਨ

ਵਿਦਿਆਰਥੀਆਂ ਦਾ ਧਰਨਾ 29ਵੇਂ ਦਿਨ ਜਾਰੀ ਰਿਹਾ; ਖਾਲੀ ਅਸਾਮੀਆਂ ਭਰਨ ਦੀ ਮੰਗ
ਖੇਤੀਬਾੜੀ ਸਟੂਡੈਂਟਸ ਐਸੋਸੀਏਸ਼ਨ ਦੀ ਅਗਵਾਈ ਹੇਠ ਧਰਨੇ ’ਤੇ ਬੈਠੇ ਵਿਦਿਆਰਥੀ। -ਫੋਟੋ: ਬਸਰਾ
Advertisement

ਖੇਤੀਬਾੜੀ ਸਟੂਡੈਂਟ ਐਸੋਸੀਏਸ਼ਨ ਦੀ ਅਗਵਾਈ ਵਿੱਚ ਪੀਏਯੂ ਵਿੱਚ ਚੱਲ ਰਿਹਾ ਰੋਸ ਧਰਨਾ ਅੱਜ 29ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੌਰਾਨ ਹੁਣ ਤੱਕ ਅਧਿਕਾਰੀਆਂ/ਸਰਕਾਰੀ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੰਦਿਆਂ ਦੀਆਂ ਫੋਟੋਆਂ ਵਾਲਾ ਪੋਸਟਰ ਵੀ ਲਾਇਆ ਗਿਆ।

ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਖੇਤੀਬਾੜੀ ਅਤੇ ਇਸ ਨਾਲ ਜੁੜੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਦੀ ਭਰਤੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਅੱਜ ਧਰਨਾ ਦਿੱਤਿਆਂ ਨੂੰ 29 ਦਿਨ ਹੋ ਗਏ ਪਰ ਦੁੱਖ ਦੀ ਗੱਲ ਹੈ ਕਿ ਕਿਸੇ ਵੀ ਸਰਕਾਰੀ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਸਰਕਾਰ ਵੱਲੋਂ ਪੰਜਾਬ ਨੂੰ ਖੇਤੀਬਾੜੀ ਪ੍ਰਧਾਨ ਸੂਬਾ ਤਾਂ ਕਿਹਾ ਜਾ ਰਿਹਾ ਹੈ ਪਰ ਖੇਤੀਬਾੜੀ ਦੀ ਪੜ੍ਹਾਈ ਕਰਕੇ ਨੌਜਵਾਨ ਬੇਰੁਜ਼ਗਾਰੀ ਦੀ ਦਲਦਲ ਵਿੱਚ ਧਸਦੇ ਨਜ਼ਰ ਆ ਰਹੇ ਹਨ। ਖੇਤੀਬਾੜੀ ਅਤੇ ਇਸ ਨਾਲ ਜੁੜੇ ਬਹੁਤ ਸਾਰੇ ਵਿਭਾਗਾਂ ਵਿੱਚ ਅਸਾਮੀਆਂ ਖਾਲੀ ਪਈਆਂ ਹਨ ਜਿਨਾਂ ਨੂੰ ਭਰਨ ਲਈ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਿਛਲੇ ਕਈ ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਲੁਧਿਆਣਾ ਵਿੱਚ ਠੰਢ ਦਿਨੋ ਦਿਨ ਵਧ ਰਹੀ ਹੈ ਪਰ ਸਰਕਾਰ ਦਾ ਵਿਦਿਆਰਥੀਆਂ ਪ੍ਰਤੀ ਰਵੱਈਆ ਨਰਮ ਹੁੰਦਾ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਤੀਰੇ ਤੋਂ ਲੱਗਦਾ ਹੈ ਕਿ ਉਸ ਲਈ ਖੇਤੀਬਾੜੀ ਦਾ ਭਵਿੱਖ ਮਹੱਤਵਪੂਰਣ ਨਹੀਂ ਹੈ। ਅੱਜ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਸੜਕਾਂ ’ਤੇ ਬੈਠੇ ਹਨ ਪਰ ਸਰਕਾਰ ਲਈ ਖੇਤੀਬਾੜੀ ਦਾ ਵਿਸ਼ਾ ਸਿਰਫ ਭਾਸ਼ਣਾਂ ਤੱਕ ਹੀ ਸੀਮਤ ਹੋ ਗਿਆ ਹੈ। ਵਿਦਿਆਰਥੀ ਆਗੂਆਂ ਨੇ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਪਿੰਡਾਂ ਵਿੱਚ ਖੇਤੀਬਾੜੀ ਡਾਕਟਰ ਅਤੇ ਸਕੂਲਾਂ ਵਿੱਚ ਖੇਤੀਬਾੜੀ ਵਿਸ਼ਾ ਲਾਜ਼ਮੀ ਕਰਕੇ ਖੇਤੀਬਾੜੀ ਦੇ ਮਾਸਟਰ ਭਰਤੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਵੱਲੋਂ ਸਪੱਸ਼ਟ ਕਾਰਵਾਈ ਅਤੇ ਭਰਤੀ ਦੀ ਘੋਸ਼ਣਾ ਨਹੀਂ ਹੁੰਦੀ, ਧਰਨਾ ਹੋਰ ਤਿੱਖਾ ਕੀਤਾ ਜਾਵੇਗਾ।

Advertisement

Advertisement
Show comments