ਸਾਲ 1926 ਵਿੱਚ ਸਥਾਪਤ ਕੀਤੀ ਇਤਿਹਾਸਕ ਪਿੰਡ ਐਤੀਆਣਾ ਦਿ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨੇ ਆਪਣੇ ਸ਼ਤਾਬਦੀ ਵਰ੍ਹੇ ਮੌਕੇ ਇੱਕ ਹੋਰ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਹੈ। ਭਾਰਤ ਸਰਕਾਰ ਦੇ ਸਹਿਕਾਰਤਾ ਮੰਤਰਾਲੇ ਦੀ ਸਥਾਪਨਾ ਦੇ ਪੰਜ ਸਾਲ ਅਤੇ ਕੌਮਾਂਤਰੀ ਸਹਿਕਾਰਤਾ ਦਿਵਸ ਦੇ 102 ਸਾਲ ਪੂਰੇ ਹੋਣ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਲੁਧਿਆਣਾ ਵਿੱਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਇਸ ਐਤੀਆਣਾ ਸਭਾ ਨੂੰ ਬਿਹਤਰੀਨ ਕਾਰਗੁਜ਼ਾਰੀ ਦੇ ਸਨਮਾਨ ਨਾਲ ਨਿਵਾਜਿਆ ਗਿਆ।
ਸਮਾਗਮ ਦੌਰਾਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਤਿੰਦਰਪਾਲ ਸਿੰਘ, ਜ਼ਿਲ੍ਹਾ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਤੇਜ਼ੇਸ਼ਵਰ ਸਿੰਘ, ਸਾਬਰ ਅਲੀ ਅਤੇ ਇੰਸਪੈਕਟਰ ਸੁਰਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਐਤੀਆਣਾ ਸਭਾ ਨੂੰ ਇਹ ਵੱਕਾਰੀ ਸਨਮਾਨ ਦਿੱਤਾ। ਸਹਿਕਾਰੀ ਸਭਾ ਵੱਲੋਂ ਸਭਾ ਦੇ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਸਾਬਕਾ ਸਰਪੰਚ ਲਖਵੀਰ ਸਿੰਘ, ਸਕੱਤਰ ਬਲਵਿੰਦਰ ਸਿੰਘ, ਮੀਤ ਪ੍ਰਧਾਨ ਦਲਵਾਰਾ ਸਿੰਘ ਅਤੇ ਸਭਾ ਦੇ ਮੈਂਬਰ ਅਵਤਾਰ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ, ਇਕਬਾਲ ਸਿੰਘ, ਰਾਜਪਾਲ ਕੌਰ ਅਤੇ ਸੁਖਮਿੰਦਰ ਕੌਰ ਨੇ ਇਹ ਸਨਮਾਨ ਹਾਸਲ ਕੀਤਾ। ਸਭਾ ਦੇ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਅਕਤੂਬਰ ਮਹੀਨੇ ਵਿੱਚ ਸਹਿਕਾਰੀ ਸਭਾ ਦੇ 100 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿੱਚ ਪਿੰਡ ਐਤੀਆਣਾ ਵਿੱਚ ਵਿਸ਼ਾਲ ਸ਼ਤਾਬਦੀ ਸਮਾਗਮ ਕਰਵਾਇਆ ਜਾਵੇਗਾ। ਇਸ ਇਤਿਹਾਸਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਵਰ੍ਹੇ ਦੌਰਾਨ ਇਹ ਪੁਰਸਕਾਰ ਮਿਲਣਾ ਸਿਰਫ਼ ਐਤੀਆਣਾ ਪਿੰਡ ਲਈ ਹੀ ਨਹੀਂ, ਸਗੋਂ ਪੂਰੇ ਲੁਧਿਆਣਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕ ਅਤੇ ਪ੍ਰਬੰਧਕ ਸਭਾ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਨਾਲ ਦਿਨ-ਰਾਤ ਕੰਮ ਕਰ ਰਹੇ ਹਨ। ਸੇਵਾਵਾਂ ਨੂੰ ਹੋਰ ਪਾਰਦਰਸ਼ੀ ਅਤੇ ਬਿਹਤਰ ਬਣਾਉਣ ਲਈ ਲਗਾਤਾਰ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਨਵੀਆਂ ਵਿਕਾਸ ਯੋਜਨਾਵਾਂ ਉਲੀਕਣ ਦੇ ਨਾਲ-ਨਾਲ ਕਿਸਾਨਾਂ ਦੇ ਹਿਤਾਂ ਨਾਲ ਜੁੜੇ ਅਹਿਮ ਵਿਸ਼ਿਆਂ ਬਾਰੇ ਵਿਚਾਰ-ਵਟਾਂਦਰਾ ਕਰਕੇ ਸਾਂਝੇ ਫ਼ੈਸਲੇ ਲਏ ਜਾਂਦੇ ਹਨ।
