ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਮਈ
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਮੁਸਲਿਮ ਆਗੂਆਂ ਬਬਲੂ ਕੁਰੈਸ਼ੀ ਤੇ ਰਾਜਾ ਕੁਰੈਸ਼ੀ ਸਣੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਨੇ ਬਾਦਲ ਦਲ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਅੱਜ ਪੰਜਾਬੀ ਭਵਨ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਵਿੱਚ ਮੁਸਲਿਮ ਆਗੂਆਂ ਤੇ ਵਰਕਰਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਆ ਗਿਆ। ਇਸ ਸਮੇਂ ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਨੇ ਹਮੇਸ਼ਾਂ ਹੀ ਘੱਟ ਗਿਣਤੀਆਂ ਨਾਲ ਹੋ ਰਹੇ ਧੱਕੇ ਵਿਰੁੱਧ ਡਟ ਕੇ ਆਵਾਜ਼ ਬੁਲੰਦ ਕੀਤੀ ਹੈ। ਇਸ ਮੌਕੇ ਜਥੇਦਾਰ ਕਾਹਨ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਸਵੰਤ ਸਿੰਘ ਚੀਮਾ ਨੇ ਵੀ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਵੀ ਇਕ ਮੌਕਾ ਦੇ ਕੇ ਪੰਜਾਬ ਦੇ ਸਾਰੇ ਮਸਲੇ ਹੱਲ ਕਰਵਾਉਣ। ਇਸ ਮੌਕੇ ਬਬਲੂ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਲੰਬਾ ਸਮਾਂ ਬਾਦਲ ਦਲ ਵਿੱਚ ਗੁਜ਼ਾਰਿਆ ਹੈ ਪਰ ਹਮੇਸ਼ਾਂ ਉਨ੍ਹਾਂ ਨੂੰ ਉੱਥੇ ਔਖ ਮਹਿਸੂਸ ਹੋਈ ਹੈ।