ਸੁਖਬੀਰ ਬਾਦਲ ਦੇ ਪ੍ਰਚਾਰ ਦੇ ਬਾਵਜੂਦ ਅਕਾਲੀ ਦਲ ਦੇ ਉਮੀਦਵਾਰ ਦੀ ਜ਼ਮਾਨਤ ਜ਼ਬਤ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਜੂਨ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਸਰਕਾਰ ਬਣਾਉਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਪੱਛਮੀ ਹਲਕੇ ਵਿੱਚ ਹੋਈ ਉਪ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਕਈ ਦਿਨ ਤੱਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਲੀ ਗਲੀ ਜਾ ਚੋਣ ਪ੍ਰਚਾਰ ਕਰਦੇ ਰਹੇ, ਪਰ ਇਸਦੇ ਬਾਵਜੂਦ ਅਕਾਲੀ ਦਲ ਉਮੀਦਵਾਰ ਨੂੰ ਪਿਛਲੇ ਵਾਰ ਦੇ ਮੁਕਾਬਲੇ ਵੀ ਘੱਟ ਵੋਟਾਂ ਪਈਆਂ। 2022 ਦੀਆਂ ਵਿਧਾਨ ਸਭਾ ਚੋਣਾਂ ’ਤੇ ਨਜ਼ਰ ਮਾਰੀਏ ਤਾਂ ਉਪ ਚੋਣ ਵਿੱਚ ਅਕਾਲੀ ਦਲ ਦੀ ਵੋਟ ਪ੍ਰਤੀਸ਼ਤਤਾ ਵਧਿਆ ਹੈ। ਪਰ ਅਕਾਲੀ ਦਲ ਦੇ ਉਮੀਦਵਾਰ ਦੀ ਜਮਾਨਤ ਜਬਤ ਹੋ ਗਈ ਹੈ। ਹਾਰ ਤੋਂ ਬਾਅਦ ਅਕਾਲੀ ਦਲ ਨੇ ਇਸਨੂੰ ਲੋਕਾਂ ਦਾ ਫੈਸਲਾ ਦੱਸਿਆ ਅਤੇ ਕਿਹਾ ਕਿ ਅਕਾਲੀ ਦਲ ਆਪਣੀ ਲੜਾਈ ਜਾਰੀ ਰੱਖੇਗਾ।
ਕਿਸਾਨ ਅੰਦੋਲਨ ਦੌਰਾਨ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਤੋੜਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜੀਆਂ। ਹਲਕਾ ਪੱਛਮੀ ਵਿੱਚ ਕਾਲੀ ਦਲ ਨੇ ਸਾਬਕਾ ਕੈਬਨਿਟ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਮੈਦਾਨ ਵਿੱਚ ਉਤਾਰਿਆ ਸੀ। ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ 10,072 ਵੋਟਾਂ ਮਿਲੀਆਂ। ਪਰ ਇਸ ਜ਼ਿਮਨੀ ਚੋਣ ਵਿੱਚ ਵੱਡੇ ਪੱਧਰ ’ਤੇ ਚੋਣ ਪ੍ਰਚਾਰ ਕਰਨ ਦੇ ਬਾਵਜੂਦ ਅਕਾਲੀ ਦਲ ਦੀ ਜਮਾਨਤ ਜਬਤ ਹੋ ਗਈ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਈ ਦਿਨਾਂ ਤੱਕ ਲੁਧਿਆਣਾ ਵਿੱਚ ਚੋਣ ਪ੍ਰਚਾਰ ਕਰਨ ਲਈ ਡਟੇ ਰਹੇ। ਕਈ ਰੈਲੀਆਂ ਤੇ ਰੋਡ ਸ਼ੋਅ ਹੋਏ। ਸੁਖਬੀਰ ਸਿੰਘ ਬਾਦਲ ਨੇ ਕਈ ਆਗੂਆਂ ਦੇ ਘਰਾਂ ਵਿੱਚ ਫੇਰੀਆਂ ਪਾਈਆਂ। ਪਰ ਉਮੀਦਵਾਰ ਨਵਾਂ ਹੋਣ ਕਾਰਨ ਅਕਾਲੀ ਦਲ ਵਧਿਆ ਪ੍ਰਦਰਸ਼ਨ ਨਹੀਂ ਕਰ ਸੱਕਿਆ ਹੈ। ਹਾਲਾਂਕਿ, ਹਾਰ ਤੋਂ ਬਾਅਦ ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਇਹ ਪਾਰਟੀ ਦੀ ਹਾਰ ਨਹੀਂ ਸਗੋਂ ਉਨ੍ਹਾਂ ਦੀ ਨਿੱਜੀ ਹਾਰ ਹੈ। ਉਹ ਪੱਛਮੀ ਹਲਕੇ ਦੇ ਵੋਟਰਾਂ, ਅਕਾਲੀ ਦਲ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਚੋਣ ਵਿੱਚ ਉਨ੍ਹਾਂ ਦਾ ਸਮਰਥਨ ਕੀਤਾ। ਉਹ ਲੋਕ ਸੇਵਾ ਅੱਗੇ ਵੀ ਜਾਰੀ ਰੱਖਣਗੇ।