ਅਕਾਲੀ ਦਲ ਵੱਲੋਂ ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਬਾਰੇ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਸਮਿਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਸਬੰਧੀ ਅੱਜ ਇੱਕ ਮੀਟਿੰਗ ਕੀਤੀ ਜਿਸ ਵਿਚ ਵਿਸ਼ੇਸ਼ ਤੌਰ ’ਤੇ ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਅਤੇ ਖੰਨਾ ਤੋਂ ਮੁੱਖ ਸੇਵਾਦਾਰ ਯਾਦਵਿੰਦਰ ਸਿੰਘ ਯਾਦੂ ਨੇ ਸ਼ਿਰਕਤ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਵਲੋਂ ਹਲਕਾ ਸਮਰਾਲਾ ਤੋਂ ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਯੋਗ ਤੇ ਜਿੱਤਣ ਦੀ ਸਮਰੱਥਾ ਵਾਲੇ ਉਮੀਦਵਾਰ ਹੀ ਮੈਦਾਨ ਵਿਚ ਉਤਾਰੇ ਜਾਣਗੇ। ਉਕਤ ਆਗੂਆਂ ਨੇ ਮਾਛੀਵਾੜਾ ਤੇ ਸਮਰਾਲਾ ਬਲਾਕ ਦੇ ਦੋਵੇਂ ਜ਼ੋਨਾਂ ਵਿੱਚ ਉਮੀਦਵਾਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਇਨ੍ਹਾਂ ਚੋਣਾਂ ਪ੍ਰਤੀ ਭਾਰੀ ਉਤਸ਼ਾਹ ਹੈ ਕਿਉਂਕਿ ਮੌਜੂਦਾ ਹਾਲਾਤ ਪਾਰਟੀ ਪੱਖੀ ਹਨ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ‘ਆਪ’ ਸਰਕਾਰ ਤੋਂ ਬੇਹੱਦ ਖਫ਼ਾ ਹਨ ਅਤੇ ਅਕਾਲੀ ਦਲ ਨਾਲ ਜੁੜ ਰਹੇ ਹਨ। ਢਿੱਲੋਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਇਨ੍ਹਾਂ ਚੋਣਾਂ ਸਬੰਧੀ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਅਤੇ 23 ਤੇ 24 ਅਗਸਤ ਨੂੰ ਨਵੇਂ ਵੋਟਰ ਆਪਣੀ ਨਵੀਂ ਵੋਟ ਬਣਾਉਣ ਤਾਂ ਜੋ ਲੋਕਤੰਤਰਿਕ ਢੰਗ ਨਾਲ ਵੋਟਾਂ ਦਾ ਕੰਮ ਸਫ਼ਲ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਲਦ ਹੀ ਜ਼ੋਨ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਅਕਾਲੀ ਵਰਕਰਾਂ ਦੀ ਰਾਇ ਤੋਂ ਬਾਅਦ ਹੀ ਉਮੀਦਵਾਰ ਮੈਦਾਨ ਵਿਚ ਉਤਾਰੇ ਜਾਣਗੇ। ਢਿੱਲੋਂ ਨੇ ਕਿਹਾ ਕਿ ਬਲਾਕ ਸਮਿਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹੇਗੀ। ਇਸ ਮੌਕੇ ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਜਗਦੀਪ ਸਿੰਘ ਝੱਜ ਵੀ ਮੌਜੂਦ ਸਨ।