ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਅਕਾਲੀ ਦਲ ਵੱਲੋਂ ਲਾਮਬੰਦੀ ਮੁਹਿੰਮ ਤੇਜ਼
ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ 22 ਜੁਲਾਈ ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਤਿਆਰੀ ਕਮੇਟੀ ਦੇ ਕੋਆਰਡੀਨੇਟਰ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਲਾਮਬੰਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਸਬੰਧੀ ਅਕਾਲੀ ਆਗੂਆਂ ਵੱਲੋਂ ਵਿਧਾਨ ਸਭਾ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ ਵਿੱਚ ਅੱਧੀ ਦਰਜਨ ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਪੰਜਾਬ ਸਰਕਾਰ ਦੀ ਲੋਕ ਮਾਰੂ ਨੀਤੀ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਵਿੱਚ ਲੋਕਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜਾਊ ਜ਼ਮੀਨ ਐਕੁਆਇਰ ਕਰਕੇ ਵੱਡੇ ਕਾਰਖਾਨੇਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਜਿਸ ਦਾ ਅਕਾਲੀ ਦਲ ਹਰ ਪੱਧਰ ਤੇ ਵਿਰੋਧ ਕਰੇਗਾ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ ਤੇ ਹੁਣ ਵੀ ਉਹ ਸੰਘਰਸ਼ ਕਰਕੇ ਕਿਸਾਨਾਂ ਦੀ ਉਪਜਾਊ ਜਮੀਨ ਨੂੰ ਲੁੱਟਣ ਨਹੀਂ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦਾ ਵੱਧ ਤੋਂ ਵੱਧ ਸਮਰਥਨ ਕਰਨ ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਇਸ ਮੌਕੇ ਨੇਕ ਸਿੰਘ ਖਾਲਸਾ, ਸਰਬਜੀਤ ਸਿੰਘ ਲਾਡੀ, ਹਰਪਾਲ ਸਿੰਘ ਕੋਹਲੀ ਅਤੇ ਜਸਦੀਪ ਸਿੰਘ ਕਾਉਂਕੇ ਸਮੇਤ ਕਈ ਆਗੂ ਹਾਜ਼ਰ ਸਨ।