ਅਕਾਲੀ ਦਲ ਵੱਲੋਂ ਗਲਾਡਾ ਦਫ਼ਤਰ ਬਾਹਰ ਰੋਸ ਮੁਜ਼ਾਹਰੇ ਦੀ ਤਿਆਰੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਜੁਲਾਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ 15 ਜੁਲਾਈ ਨੂੰ ਗਲਾਡਾ ਦਫ਼ਤਰ ਬਾਹਰ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ ਜਦਕਿ ਸ਼ਹਿਰੀ ਅਤੇ ਦਿਹਾਤੀ ਇਕਾਈ ਦੇ ਪ੍ਰਧਾਨ ਅਤੇ ਸਾਰੇ ਹਲਕਾ ਇੰਚਾਰਜ਼ ਇਸ ਕਮੇਟੀ ਦੇ ਮੈਂਬਰ ਹੋਣਗੇ। ਇਹ ਕਮੇਟੀ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰੇਗੀ ਅਤੇ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਸਾਰੇ ਪ੍ਰਬੰਧ ਕਰੇਗੀ।
ਇਸ ਦੌਰਾਨ ਅੱਜ ਇੱਥੇ ਤਿਆਰੀ ਕਮੇਟੀ ਦੀ ਮੀਟਿੰਗ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਲੈਣ ਉਪਰੰਤ ਧਰਨੇ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਆਰਡੀ ਸ਼ਰਮਾ, ਕਮਲ ਚੇਤਲੀ ਅਤੇ ਅਮਨਜੋਤ ਸਿੰਘ ਗੋਹਲਵੜੀਆ ਤੇ ਹੋਰ ਹਾਜ਼ਰ ਸਨ।
ਸੁਖਬੀਰ ਸਿੰਘ ਬਾਦਲ ਅੱਜ ਆਉਣਗੇ ਲੁਧਿਆਣਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਲਕੇ 11 ਜੁਲਾਈ ਨੂੰ ਬਾਅਦ ਦੁਪਹਿਰ 3.30 ਵਜੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਗਲਾਡਾ ਦਫ਼ਤਰ ਬਾਹਰ ਦਿੱਤੇ ਜਾ ਰਹੇ ਰੋਸ ਧਰਨੇ ਦੇ ਸਬੰਧ ਵਿੱਚ ਮੀਟਿੰਗ ਨੂੰ ਸੰਬੋਧਨ ਕਰਨਗੇ। ਮੀਟਿੰਗ ਵਿੱਚ ਪਾਰਟੀ ਅਹੁਦੇਦਾਰਾਂ, ਹਲਕਾ ਇੰਚਾਰਜਾਂ, ਮੈਂਬਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਰਕਲ ਜਥੇਦਾਰ, ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰ ਬੀਬੀਆਂ, ਯੂਥ ਵਿੰਗ, ਸਾਰੇ ਵਿੰਗਾਂ ਦੇ ਪ੍ਰਧਾਨ ਅਤੇ ਨਗਰ ਨਿਗਮ ਦੀ ਚੋਣ ਲੜੇ ਸਾਰੇ ਉਮੀਦਵਾਰ ਸ਼ਾਮਲ ਹੋਣਗੇ।