ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਰਛੀਨ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰੱਖੀ ਮੀਟਿੰਗ ਵਿਸ਼ਾਲ ਰੈਲੀ ਦਾ ਰੂਪ ਧਾਰ ਗਈ। ਇਸ ਮੌਕੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਜਿੰਦਾਬਾਦ’ ਦੇ ਅਕਾਸ਼ ਗੁੰਜਾਊ ਨਾਅਰਿਆਂ ਨਾਲ ਪਾਰਟੀ ਆਗੂਆਂ ਦੇ ਹੌਸਲੇ ਬੁਲੰਦ ਹੋਏ ਅਤੇ ਲੋਕਾਂ ਨੇ ਸੂਬੇ ਵਿੱਚ ਸਹੀ ਬਦਲਾਅ ਦਾ ਸੱਦਾ ਦਿੱਤਾ। ਇਸ ਮੌਕੇ ਮਾਲਵਾ ਜ਼ੋਨ ਇੰਚਾਰਜ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਇੰਚਾਰਜ ਜਗਰੂਪ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਗਰੂਪ ਸਿੰਘ ਖਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹੀਆਂ ਪਾਰਟੀਆਂ ਨੇ ਆਪਣੀਆਂ ਸੌੜੀਆਂ ਨੀਤੀਆਂ ਨਾਲ ਪੰਜਾਬ ਦਾ ਸਮਾਜਿਕ ਅਤੇ ਆਰਥਿਕ ਨੁਕਸਾਨ ਕੀਤਾ ਹੈ। ਅੱਜ ਸੂਬੇ ਦਾ ਬੇਰੁਜ਼ਗਾਰ ਨੌਜਵਾਨ ਵਿਦੇਸ਼ਾਂ ਵੱਲ ਪਰਵਾਸ ਕਰਨ ਲਈ ਮਜਬੂਰ ਹੈ ਅਤੇ ਨਸ਼ਿਆਂ ਦੀ ਦਲ-ਦਲ ਵਿੱਚ ਫਸ ਰਿਹਾ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਮਾੜੇ ਸ਼ਾਸਨ ਤੋਂ ਅੱਕੇ ਲੋਕ ਬਾਕੀ ਸਿਆਸੀ ਧਿਰਾਂ ਨੂੰ ਪਰਖ ਚੁੱਕੇ ਹਨ ਅਤੇ ਹੁਣ ਉਨ੍ਹਾਂ ਦਾ ਰੁਝਾਨ ਵਾਰਿਸ ਪੰਜਾਬ ਵੱਲ ਵਧ ਰਿਹਾ ਹੈ। ਇਸ ਮੌਕੇ ਰਛੀਨ ਦੇ ਕਈ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਸਰਪੰਚ ਮਨਪ੍ਰੀਤ ਸਿੰਘ, ਨੰਦ ਸਿੰਘ ਖਾਲਸਾ, ਡਾ. ਤਸਵੀਰ ਸਿੰਘ ਆਦਿ ਹਾਜ਼ਰ ਸਨ।
ਅਣਮਨੁੱਖੀ ਤਸ਼ੱਦਦ ਨੇ ਪੁਰਾਣਾ ਸਮਾਂ ਚੇਤੇ ਕਰਾਇਆ: ਇਆਲੀ
ਮੁੱਲਾਂਪੁਰ ਦਾਖਾ (ਜਸਬੀਰ ਸ਼ੇਤਰਾ): ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਵਿੱਚ ਹੋ ਰਹੇ ਅਣਮਨੁੱਖੀ ਤਸ਼ੱਦਦ ਅਤੇ ਪੁਲੀਸ ਵਧੀਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਹੋ ਰਹੀਆਂ ਘਟਨਾਵਾਂ ਨੇ ਪੁਰਾਣਾ ’84 ਵੇਲੇ ਦਾ ਸਮਾਂ ਚੇਤੇ ਕਰਵਾ ਦਿੱਤਾ ਹੈ। ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜਵਾਨ ਮੋਹਣਜੀਤ ਸਿੰਘ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਸਵਾਲ ਪੁੱਛਣ ਵਾਲਿਆਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਸਵਾਲ ਕਰਨਾ ਵੱਡਾ ਗੁਨਾਹ ਹੋਵੇ।

