ਅਕਾਲੀ ਦਲ ‘ਵਾਰਸ ਪੰਜਾਬ ਦੇ’ ਨੇ ਅੰਮ੍ਰਿਤਪਾਲ ਦੀ ਰਿਹਾਈ ਮੰਗੀ
ਅਕਾਲੀ ਦਲ ‘ਵਾਰਸ ਪੰਜਾਬ ਦੇ’ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਨਹੀਂ ਤਾਂ ਜਥੇਬੰਦੀ ਵੱਲੋਂ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਜ਼ੋਰਦਾਰ ਐਕਸ਼ਨ ਪ੍ਰੋਗਰਾਮ ਕੀਤਾ ਜਾਵੇਗਾ।
ਅੱਜ ਮੰਗਲੀ ਟਾਂਡਾ ਰਾਹੋਂ ਰੋਡ ’ਤੇ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਡੇਰਾ ਸਾਧ ਨੂੰ ਤਾਂ ਦਰਜਨਾਂ ਵਾਰ ਪੈਰੋਲ ’ਤੇ ਰਿਹਾਅ ਕੀਤਾ ਗਿਆ ਹੈ ਪਰ ਹਲਕਾ ਖੰਡੂਰ ਸਾਹਿਬ ਦੇ ਲੱਖਾਂ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਦਲਾਲਊ ਨੀਤੀ ਤਹਿਤ ਜੇਲ੍ਹ ਵਿੱਚ ਡੱਕਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ‘ਆਪ’ ਦਾ ਰਾਜ ਦੇਖ ਲਿਆ ਹੈ। ਇਨ੍ਹਾਂ ਸਾਰੀਆਂ ਪਾਰਟੀਆਂਨੇ ਪੰਜਾਬ ਅਤੇ ਪੰਜਾਬੀਆਂ ਦਾ ਕੁੱਝ ਨਹੀਂ ਸੰਵਾਰਿਆ ਅਤੇ ਹੁਣ ਉਹ ਭਾਈ ਅੰਮ੍ਰਿਤਪਾਲ ਸਿੰਘ ਵੱਲ ਵੇਖ ਰਹੇ ਹਨ ਜੋਂ ਪੰਜਾਬ ਨੂੰ ਨਵੇਂ ਦੌਰ ਵਿੱਚ ਲੈਕੇ ਜਾਣਗੇ ਜਿੱਥੇ ਸਿੱਖ ਕੌਮ ਦੇ ਮਸਲੇ ਹੱਲ ਹੋਣਗੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਮੁਕਤ ਹੋਕੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਕਿਰਪਾਲ ਸਿੰਘ ਕਪੂਰੀ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਹਲਕਾ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਮੰਗਲੀ, ਭੋਲਾ ਸਿੰਘ ਅਤੇ ਨੌਜਵਾਨ ਟੀਮ ਪਿੰਡ ਮੰਗਲੀ ਟਾਂਡਾ ਵੀ ਹਾਜ਼ਰ ਸਨ।