ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਸਤੰਬਰ
ਲੋਕ ਇਨਸਾਫ਼ ਪਾਰਟੀ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਉੱਤਰੀ ਦੇ ਇੰਚਾਰਜ ਰਣਧੀਰ ਸਿੰਘ ਸਿਵੀਆ ਨੇ ਕਿਹਾ ਹੈ ਕਿ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਅਕਾਲੀ ਦਲ ਵੱਲੋਂ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਕਿਸਾਨਾਂ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਵਾਲੀ ਕਾਰਵਾਈ ਹੈ। ਉਹ ਅੱਜ ਹਲਕਾ ਉੱਤਰੀ ਵਿੱਚ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਅਕਾਲੀ ਕਿਸ ਮੂੰਹ ਨਾਲ ਕਾਲਾ ਦਿਵਸ ਮਨਾਉਣ ਦੀਆਂ ਗੱਲਾਂ ਕਰਦੇ ਹਨ, ਜਦਕਿ ਇਹ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਉਣ ਵਿੱਚ ਬਰਾਬਰ ਦੇ ਭਾਈਵਾਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਰੋਧ ਕਾਰਨ ਅਕਾਲੀ ਦਲ ਨੂੰ ਭਾਜਪਾ ਨਾਲ ਤੋੜ ਵਿਛੋੜਾ ਕਰਨਾ ਪਿਆ ਜਦਕਿ ਇਹ ਦੋਵੇਂ ਪਾਰਟੀਆਂ ਹਾਲੇ ਵੀ ਅੰਦਰਖਾਤੇ ਘਿਉ-ਖਿਚੜੀ ਹਨ, ਜਿਸ ਦਾ ਸਬੂਤ ਭਾਜਪਾ ਦੇ ਵੱਡੇ-ਵੱਡੇ ਆਗੂਆਂ ਦਾ ਅਕਾਲੀ ਦਲ ਵਿਚ ਜਾਣ ਤੋਂ ਸਾਬਤ ਹੁੰਦਾ ਹੈ। ਪੰਜਾਬ ਦੀ ਕੈਪਟਨ ਸਰਕਾਰ ’ਤੇ ਵਰਦਿਆਂ ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੱਥ ਵਿੱਚ ਪਵਿੱਤਰ ਗੁਟਕਾ ਸਾਹਿਬ ਫੜਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਦੇ ਨਾਲ ਨਸ਼ੇ ਦੇ ਸੌਦਾਗਰਾਂ ਨੂੰ 4 ਹਫ਼ਤਿਆਂ ਦੇ ਅੰਦਰ ਅੰਦਰ ਜੇਲ੍ਹਾਂ ਵਿੱਚ ਡੱਕਣ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਲੰਘ ਜਾਣ ’ਤੇ ਵੀ ਕੈਪਟਨ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਹੋਰ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਜਥੇਦਾਰ ਬਲਵਿੰਦਰ ਸਿੰਘ ਬੈਂਸ ਵਿਧਾਨ ਸਭਾ ਵਿਚ ਪੰਜਾਬ ਦੇ ਭਖਦੇ ਮੁੱਦੇ ਚੁੱਕ ਕੇ ਵਿਰੋਧੀ ਧਿਰ ਦੀ ਸਾਰਥਿਕ ਭੂਮਿਕਾ ਨਿਭਾਉਂਦੇ ਆ ਰਹੇ ਹਨ।
ਢਿੱਲੋਂ ਨੇ ਹਰਦਿਆਲ ਮਾਨੂੰਪੁਰ ਨੂੰ ਉਪ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਂਪਿਆ
ਸਮਰਾਲਾ (ਪੱਤਰ ਪ੍ਰੇਰਕ): ਹਲਕਾ ਸਮਰਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਦੀਆਂ ਸਿਆਸੀ ਸਰਗਰਮੀਆਂ ਦਿਨੋ-ਦਿਨ ਜ਼ੋਰ ਫੜਦੀਆਂ ਜਾ ਰਹੀਆਂ ਹਨ। ਸੀਨੀਅਰ ਅਕਾਲੀ ਆਗੂ ਹਰਦਿਆਲ ਸਿੰਘ ਮਾਨੂੰਪੁਰ ਨੂੰ ਅੱਜ ਪਾਰਟੀ ਦੇ ਜ਼ਿਲ੍ਹਾ ਖੰਨਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤੀ ਦਾ ਪੱਤਰ ਸੌਂਪਦੇ ਹੋਏ ਢਿੱਲੋਂ ਨੇ ਉਨ੍ਹਾਂ ਨੂੰ ਪਿੰਡਾਂ ਵਿੱਚ ਪਾਰਟੀ ਲਈ ਪ੍ਰਚਾਰ ਮੁਹਿੰਮ ’ਚ ਤੇਜ਼ੀ ਲਿਆਉਣ ਦੀ ਕਮਾਂਡ ਸੰਭਾਲੀ ਹੈ। ਇਸ ਮੌਕੇ ਗਿਆਨੀ ਮਹਿੰਦਰ ਸਿੰਘ ਭੰਗਲਾ, ਬਹਾਦਰ ਸਿੰਘ ਮਾਣਕੀ, ਗੁਰਮੀਤ ਸਿੰਘ, ਨਿਰਮਲ ਸਿੰਘ, ਧਿਆਨ ਸਿੰਘ, ਗੁਰਬਿੰਦਰ ਸਿੰਘ, ਜਸਪਾਲ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ ਅਤੇ ਦਲਬੀਰ ਕੰਗ ਆਦਿ ਆਗੂ ਹਾਜ਼ਰ ਸਨ।