ਜੋਗਿੰਦਰ ਸਿੰਘ ਓਬਰਾਏ
ਖੰਨਾ, 15 ਅਪਰੈਲ
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ 9 ਹਲਕਿਆਂ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਖੰਨਾ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਲੋਕ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ, ਜਗਦੇਵ ਸਿੰਘ ਬੋਪਾਰਾਏ, ਸ਼ਰਨਜੀਤ ਸਿੰਘ ਢਿੱਲੋਂ, ਜਸਮੇਲ ਸਿੰਘ, ਗੁਰਪ੍ਰੀਤ ਸਿੰਘ ਰਾਜੂ, ਜਗਦੀਪ ਸਿੰਘ, ਮਨਦੀਪ ਸਿੰਘ ਤੇ ਦਰਬਾਰਾ ਸਿੰਘ ਗੁਰੂ ਨੇ ਚੋਣਾਂ ਬਾਰੇ ਵਿਚਾਰ ਸਾਂਝੇ ਕੀਤੇ। ਸ੍ਰੀ ਉਮੈਦਪੁਰੀ ਵੱਲੋਂ ਖਾਲਸਾ ਦੀ ਚੋਣ ਮੁਹਿੰਮ ਦੇ ਪ੍ਰੋਗਰਾਮ ਤੈਅ ਕੀਤੇ ਗਏ ਅਤੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸਰਗਰਮ ਹੋਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਚੋਣਾਂ ਸਬੰਧੀ ਹਲਕੇ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਹੁਣ ਤੱਕ ਪੰਜਾਬ ਨਾਲ ਦਗਾ ਹੀ ਕਮਾਇਆ ਹੈ। ਲੋਕਾਂ ਦਾ ਦਿੱਲੀ ਵਾਲੀਆਂ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ। ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨੂੰ ਗੁਮਰਾਹ ਕਰਕੇ ਝੂਠ ਬੋਲ ਕੇ ਸੱਤਾ ਵਿਚ ਆਈ ਹੈ। ਇਸ ਲਈ ਲੋਕਾਂ ’ਚ ਇਸ ਪਾਰਟੀ ਦਾ ਪ੍ਰਭਾਵ ਖ਼ਤਮ ਹੋ ਗਿਆ ਹੈ ਅਤੇ ਲੋਕ ਪੰਜਾਬ ਦੀ ਆਪਣੀ ਪਾਰਟੀ ਅਕਾਲੀ ਦਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਯਾਦ ਕਰ ਕੇ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ।