ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅਕਾਲੀ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਕਿਹਾ ਹੈ ਤਾਂ ਜੁ ਆ ਰਹੀਆਂ ਨਗਰ ਨਿਗਮ ਚੋਣਾਂ ਵਿੱਚ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਉਹ ਅੱਜ ਫਿਰੋਜ਼ਪੁਰ ਰੋਡ ਵਿੱਖੇ ਅਕਾਲੀ ਜੱਥਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ ਵੱਲੋਂ ਐਡਵੋਕੇਟ ਸੰਦੀਪ ਸਿੰਘ ਖੋਸਾ ਦੇ ਘਰ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਾਬਕਾ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਬੇਦੀ, ਅਕਾਲੀ ਜੱਥਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਅਕਾਲੀ ਜੱਥਾ ਸਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਜੱਥੇਦਾਰ ਬਲਦੇਵ ਸਿੰਘ ਗਰੇਵਾਲ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਆ ਰਹੀਆਂ ਨਗਰ ਨਿਗਮ ਚੋਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੀ ਆਪਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਦੀ ਸਚਾਈ ਜਾਣ ਗਈ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਕੇ ਲੋਕਾਂ ਨੂੰ ਜਾਗਰੂਕ ਕਰਨ।