ਅਕਾਲੀਆਂ ਨੇ Bhagwant Mann ਦਾ ਪੁਤਲਾ ਫੂਕਿਆ
ਮੁੱਖ ਮੰਤਰੀ ਦਾ ਅਸਤੀਫ਼ਾ ਮੰਗਿਆ; ਅਕਾਲ ਤਖ਼ਤ ਦੇ ਹੁਕਮ ਅਣਗੌਲਿਆਂ ਕਰਨ ਦਾ ਦੋਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਪੰਥ ਵਿਰੋਧੀ ਗਤੀਵਿਧੀਆਂ ਦੇ ਗੰਭੀਰ ਦੋਸ਼ ਲਾਉਂਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਰਾਏਕੋਟ ਦੇ ਇਤਿਹਾਸਕ ਤਲਵੰਡੀ ਗੇਟ ਦੇ ਸਾਹਮਣੇ ਇਕੱਠੇ ਹੋਏ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਥ ਅਤੇ ਗੁਰੂ ਦੋਖੀ ਐਲਾਨਿਆ ਜਾ ਚੁੱਕਾ ਹੈ। ਇਸ ਲਈ ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ ’ਤੇ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸੇ ਦੌਰਾਨ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪ੍ਰਵਾਹ ਨਹੀਂ ਕਰ ਰਹੇ, ਜਿਸ ਕਾਰਨ ਉਹ ਇਸ ਸੰਵਿਧਾਨਕ ਕੁਰਸੀ ‘ਤੇ ਬੈਠਣ ਦਾ ਹੱਕ ਖੋਹ ਚੁੱਕੇ ਹਨ। ਅਕਾਲੀ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਭਗਵੰਤ ਮਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸਰਕਲ ਬੱਸੀਆਂ, ਮਨਪ੍ਰੀਤ ਸਿੰਘ ਨੱਥੋਵਾਲ, ਕਰਮਜੀਤ ਸਿੰਘ, ਭੁਪਿੰਦਰ ਸਿੰਘ, ਰਾਜ ਸਿੰਘ, ਜਗਰਾਜ ਸਿੰਘ ਭੈਣੀ ਦਰੇੜਾਂ, ਰਾਜੂ ਰਾਵਲ, ਜਸਵਿੰਦਰ ਸਿੰਘ ਦੇਹੜਕਾ, ਸਿਮਰ ਸਿੰਘ ਅਤੇ ਇਸ਼ਾਨ ਸਿੰਘ ਗਿੱਲ ਆਦਿ ਹਾਜ਼ਰ ਸਨ।
