ਗੁਰਿੰਦਰ ਸਿੰਘ
ਲੁਧਿਆਣਾ, 24 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਅੱਜ ਪੰਜਾਬ ਸਰਕਾਰ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਦੇ ਰੋਸ ਵਜੋਂ ਜੀਟੀ ਰੋਡ ਜਗਰਾਉਂ ਪੁਲ ’ਤੇ ਧਰਨਾ ਦੇ ਕੇ ਰੈਲੀ ਕੀਤੀ। ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਹਰਭਜਨ ਸਿੰਘ ਡੰਗ, ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿੱਚ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਪੁਲੀਸ ਨੇ ਬਦਲਾਲਊ ਨੀਤੀ ਤਹਿਤ ਬਿਕਰਮ ਸਿੰਘ ਮਜੀਠੀਆ ਨੂੰ ਹੱਥ ਪਾਇਆ ਤਾਂ ਅਕਾਲੀ ਵਰਕਰ ਸੰਘਰਸ਼ ਕਰਨਗੇ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਬਾਬਾ ਅਜੀਤ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਪ੍ਰਧਾਨ ਪ੍ਰਿਤਪਾਲ ਸਿੰਘ, ਦਰਸ਼ਨ ਸਿੰਘ ਸ਼ਿਵਾਲਿਕ, ਵਿਜੈ ਦਾਨਵ, ਬੀਬੀ ਸੁਰਿੰਦਰ ਕੌਰ ਦਿਆਲ, ਆਰਡੀ ਸ਼ਰਮਾ, ਹਰੀਸ਼ ਰਾਏ ਢਾਂਡਾ, ਰਣਜੀਤ ਸਿੰਘ ਢਿੱਲੋਂ, ਰਖਵਿੰਦਰ ਸਿੰਘ ਗਾਬੜੀਆ ਅਤੇ ਗੁਰਿੰਦਰ ਪਾਲ ਸਿੰਘ ਪੱਪੂ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਸਮੁੱਚਾ ਅਕਾਲੀ ਦਲ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਨਿੱਜੀ ਸਵਾਰਥ ਲਈ ਜੋ ਜ਼ਹਿਰ ਪੰਜਾਬ ਵਿੱਚ ਮੁੜ ਘੋਲਣ ਦੀ ਕੋਸ਼ਿਸ਼ ਕੀਤੀ ਹੈ, ਉਸ ਦੇ ਨਤੀਜੇ ਬਹੁਤ ਗੰਭੀਰ ਨਿਕਲਣਗੇ। ਇਸ ਮੌਕੇ ਹਰਭਜਨ ਸਿੰਘ ਡੰਗ, ਗੁਰਦੀਪ ਸਿੰਘ ਗੋਸ਼ਾ ਅਤੇ ਮਨਪ੍ਰੀਤ ਸਿੰਘ ਮੰਨਾ ਨੇ ਕਿਹਾ ਕਿ ਸਰਕਾਰ ਕਿੱੜ ਕੱਢਣ ਦੀ ਥਾਂ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਲਈ ਕੰਮ ਕਰੇ।