ਖੰਨਾ (ਜੋਗਿੰਦਰ ਸਿੰਘ ਓਬਰਾਏ): ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇੱਥ ਰੇਲਵੇ ਸਟੇਸ਼ਨ ਦੇ ਬਾਹਰ ਆਰੰਭਿਆ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਦਲਜੀਤ ਸਿੰਘ ਸਵੈਚ ਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੂੰ ਹਿੰਦੂਆਂ ਤੇ ਦਲਿਤਾਂ ਦੀ ਯਾਦ ਆਈ ਹੈ, ਜਦੋਂਕਿ ਪਿਛਲੇ ਸਾਢੇ ਚਾਰ ਸਾਲ ਤੋਂ ਇਹ ਮੌਕਾਪ੍ਰਸਤ ਆਗੂ ਸੁੱਤੇ ਪਏ ਸਨ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਚੱਲ ਰਿਹਾ ਹੈ ਤੇ 500 ਦੇ ਕਰੀਬ ਕਿਸਾਨ ਸ਼ਹੀਦੀ ਪ੍ਰਾਪਤ ਕਰ ਗਏ ਪਰ ਕਿਸੇ ਪਾਰਟੀ ਨੂੰ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ। ਕੇਂਦਰ ਸਰਕਾਰ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਿਚ ਰੁੱਝੀ ਹੋਈ ਹੈ ਅਤੇ ਆਮ ਲੋਕਾਂ ਤੇ ਲਗਾਤਾਰ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਹਰ ਵਰਗ ਦੇ ਲੋਕਾਂ ਨੂੰ ਇੱਕਜੁਟ ਹੋ ਕੇ ਇਨ੍ਹਾਂ ਸਿਆਸੀ ਆਗੂਆਂ ਦੇ ਝੂਠੇ ਲਾਰਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ, ਹੁਣ ਮਹਿੰਗਾਈ ਦੀ ਮਾਰ ਨਾਲ ਹਰ ਨਾਗਰਿਕ ਨੂੰ ਨਿਸ਼ਾਨਾ ਬਣਾ ਰਹੀ ਹੈ, ਜਿਸ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਕਾਮਯਾਬ ਨਾ ਹੋਣ ਦਿੱਤਾ ਜਾਵੇ। ਇਸ ਮੌਕੇ ਗੁਰਮੇਲ ਸਿੰਘ, ਗੁਰਦਿਆਲ ਸਿੰਘ, ਬੂਟਾ ਸਿੰਘ, ਬਹਾਦਰ ਸਿੰਘ, ਰਣਧੀਰ ਸਿੰਘ, ਮਨਜੀਤ ਸਿੰਘ, ਮੁਖਤਿਆਰ ਸਿੰਘ, ਦਵਿੰਦਰ ਸਿੰਘ, ਜਸਵੰਤ ਸਿੰਘ, ਨੰਦ ਲਾਲ ਮਾਜਰੀ, ਬਲਜੀਤ ਸਿੰਘ, ਗੁਰਦਿਆਲ ਸਿੰਘ, ਹਰਮਿੰਦਰ ਸਿੰਘ, ਜਗਜੀਤ ਸਿੰਘ, ਦੀਦਾਰ ਸਿੰਘ ਆਦਿ ਹਾਜ਼ਰ ਸਨ।