ਖੇਤਰੀ ਪ੍ਰਤੀਨਿਧ
ਲੁਧਿਆਣਾ, 10 ਜਨਵਰੀ
ਲੁਧਿਆਣੇ ਦੀਆਂ ਇਨਕਲਾਬੀ-ਜਮਹੂਰੀ, ਤਰਕਸ਼ੀਲ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੀ ਫੇਰੀ ਸਮੇਂ ਬੀਜੇਪੀ ਵੱਲੋਂ ਫ਼ਿਰੋਜ਼ਪੁਰ ਵਿਚ ਕੀਤੀ ਜਾਣ ਵਾਲੀ ਸਿਆਸੀ ਰੈਲੀ ਵਿੱਚ ਵੱਡੀ ਪੱਧਰ ’ਤੇ ਇਕੱਠ ਨਾ ਕਰ ਸਕਣ ਦੀ ਨਮੋਸ਼ੀ ਨੂੰ ਸੁਰੱਖਿਆ ਪ੍ਰਬੰਧਾਂ ਦੇ ਰੌਲੇ ਹੇਠ ਦੱਬਣ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਉਪਰੋਕਤ ਜਥੇਬੰਦੀਆਂ ਦੇ ਆਗੂਆਂ ਜਸਵੰਤ ਜੀਰਖ, ਬਲਵਿੰਦਰ ਸਿੰਘ, ਕਾਮਰੇਡ ਸੁਰਿੰਦਰ ਸਿੰਘ, ਸਤੀਸ਼ ਸਚਦੇਵਾ, ਹਰਸ਼ਾ ਸਿੰਘ ਨੇ ਬੀਜੇਪੀ ਦੇ ਆਗੂਆਂ ਵੱਲੋਂ ਨਫ਼ਰਤ ਫੈਲਾਉਣ ਵਾਲੇ ਦਿੱਤੇ ਜਾ ਰਹੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਂਦਿਆਂ, ਪੰਜਾਬੀਆਂ ਖਿਲਾਫ ਫਿਰਕੂ ਨਫ਼ਰਤ ਫੈਲਾਉਣ ਵਾਲ਼ਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂ ਪੀ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੂਰੇ ਰਾਸ਼ਟਰ ਕੋਲੋਂ ਮੁਆਫੀ ਮੰਗਣ ਲਈ ਕਹਿ ਕੇ ਉਹਨਾਂ ਪੂਰੇ ਪੰਜਾਬੀਆਂ ਦੀ ਤੌਹੀਨ ਕੀਤੀ ਹੈ। ਇਸੇ ਤਰ੍ਹਾਂ ਇਕ ਬੀਜੇਪੀ ਦੇ ਆਗੂ ਵੱਲੋਂ 1984 ਦੇ ਹਵਾਲੇ ਨਾਲ ਧਮਕੀ ਭਰੇ ਲਹਿਜ਼ੇ ਨਾਲ ਫਿਰਕੂ ਨਫ਼ਰਤ ਫੈਲਾਉਣ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਆਗੂਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਕ ਵੀਡੀਓ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੇ ਬਿਲਕੁਲ ਨੇੜੇ ਭਾਜਪਾ ਦਾ ਝੰਡਾ ਲੈ ਕੇ ਨਾਅਰੇ ਮਾਰਦੇ ਹੋਏ ਵਿਖਾਈ ਦੇ ਰਹੇ ਲੋਕਾਂ ਵਿੱਚੋਂ ਇੱਕ ਦੀਆਂ ਤਸਵੀਰਾਂ ਬੀਜੇਪੀ ਦੇ ਵੱਡੇ ਆਗੂਆਂ ਨਾਲ ਸਾਹਮਣੇ ਆ ਚੁੱਕੀਆਂ ਹਨ ਜਿਸ ਨੂੰ ਦਿੱਤੀ ਗਈ ਸੁਰੱਖਿਆ ਵੀ ਬਿਨਾਂ ਕਿਸੇ ਮਨਜ਼ੂਰੀ ਤੋਂ ਮਿਲੀ ਹੋਈ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਬਿਨਾਂ ਕਿਸੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਬਗੈਰ ਸਕਿਉਰਟੀ ਦੇਣ ਦੀ ਵੀ ਉੱਚ ਪੱਧਰੀ ਜਾਂਚ ਕਰਕੇ ਜ਼ਿੰਮੇਵਾਰਾਂ ਵਿਰੁੱਧ ਵੀ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਆਗੂਆਂ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਆਪਣੀਆਂ ਮੁਢਲੀਆਂ ਲੋੜਾਂ ਸਿਹਤ, ਵਿੱਦਿਆ, ਰੁਜ਼ਗਾਰ, ਮਹਿੰਗਾਈ, ਗਰੀਬੀ ਆਦਿ ਪੂਰੀਆਂ ਕਰਵਾਉਣ ਵਰਗੇ ਅਸਲ ਮੁੱਦੇ ਉਠਾਉਣ ਲਈ ਇਕਜੁੱਟ ਹੋ ਕੇ ਅੱਗੇ ਆਉਣ ਤੇ ਵੋਟਾਂ ਮੰਗਣ ਵਾਲਿਆਂ ਤੋਂ ਸਵਾਲ ਕਰਨ ਦੀ ਅਪੀਲ ਵੀ ਕੀਤੀ।