ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਕਤੂਬਰ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 69 ਪ੍ਰਾਣੀ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਗੁਰੂ ਵਾਲੇ ਬਣੇ।
ਪੰਜ ਪਿਆਰਿਆਂ ਨੇ ਸੰਗਤ ਨੂੰ ਅੰਮ੍ਰਿਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਅੰਮ੍ਰਿਤ ਦੀ ਦਾਤ ਪ੍ਰਤੀ ਵਚਨਬੱਧ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਸਿੰਘ ਸਜੇ ਪ੍ਰਾਣੀਆਂ ਨੂੰ ਸਿਰੋਪੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।