ਆਂਗਣਵਾੜੀ ਵਰਕਰਾਂ ਵੱਲੋਂ ਸੀ ਡੀ ਪੀ ਓ ਦਫ਼ਤਰ ਅੱਗੇ ਪ੍ਰਦਰਸ਼ਨ
ਮਾਣ-ਭੱਤੇ ਤੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ
ਰਾਏਕੋਟ/ਲੁਧਿਆਣਾ (ਸੰਤੋਖ ਗਿੱਲ/ਸਤਵਿੰਦਰ ਬਸਰਾ): ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਅਧੀਨ ਏਕੀਕ੍ਰਿਤ ਬਾਲ ਵਿਕਾਸ ਯੋਜਨਾ ਦੇ 50 ਸਾਲ ਪੂਰੇ ਹੋਣ ਮੌਕੇ ਆਲ ਇੰਡੀਆ ਆਂਗਣਵਾੜੀ ਵਰਕਰ ਅਤੇ ਹੈਲਪਰ ਫੈਡਰੇਸ਼ਨ ਦੇ ਸੱਦੇ ਅਨੁਸਾਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰਾਜੈਕਟ ਅਫਸਰ (ਸੀ ਡੀ ਪੀ ਓ) ਰਾਏਕੋਟ ਤੇ ਲੁਧਿਆਣਾ ਦੇ ਦਫ਼ਤਰ ਸਾਹਮਣੇ ਰੋਸ ਪ੍ਰਗਟ ਕਰਨ ਉਪਰੰਤ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਦੇ ਨਾਮ ਮੰਗ ਪੱਤਰ ਸੌਂਪਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ 26 ਲੱਖ ਤੋਂ ਵੱਧ ਆਂਗਣਵਾੜੀ ਵਰਕਰ ਅਤੇ ਹੈਲਪਰ ਔਰਤਾਂ ਛੇ ਸਾਲ ਤੋਂ ਘੱਟ ਉਮਰ ਦੇ ਕਰੀਬ ਅੱਠ ਕਰੋੜ ਬੱਚਿਆਂ ਦੀ ਦੇਖਭਾਲ ਕਰਦੀਆਂ ਹਨ। ਉਨ੍ਹਾਂ ਕਿਹਾ ਕਿ 2 ਅਕਤੂਬਰ 1975 ਤੋਂ ਏਕੀਕ੍ਰਿਤ ਬਾਲ ਵਿਕਾਸ ਯੋਜਨਾ ਤਹਿਤ ਦੇਸ਼ ਦੇ ਕਰੋੜਾਂ ਬੱਚਿਆਂ ਅਤੇ ਔਰਤਾਂ ਦੇ ਪਾਲਣ-ਪੋਸ਼ਣ ਸਮੇਤ ਸਿਹਤ ਤੇ ਸਿੱਖਿਆ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ, ਪਰ ਸਰਕਾਰ ਨੇ ਇਸ ਯੁੱਗ-ਪਲਟਾਊ ਯੋਜਨਾ ਨੂੰ ਹੀ ਅਣਗੌਲਿਆ ਨਹੀਂ ਕੀਤਾ, ਸਗੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਯੋਗਦਾਨ ਨੂੰ ਵੀ ਅਣਡਿੱਠ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਾਣ-ਭੱਤੇ ਵਰਗੀ ਮਾਮੂਲੀ ਰਕਮ ਲਈ ਵੀ ਦੇਸ਼ ਦੀਆਂ ਲੱਖਾਂ ਔਰਤਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਹੱਕੀ ਮੰਗਾਂ ਫ਼ੌਰੀ ਪੂਰੀਆਂ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਬਲਾਕ ਰਾਏਕੋਟ ਦੀ ਜਨਰਲ ਸਕੱਤਰ ਰਣਜੀਤ ਕੌਰ, ਬਲਵਿੰਦਰ ਕੌਰ ਸਹਿਬਾਜ਼ਪੁਰਾ, ਅਮਰਜੀਤ ਕੌਰ ਅਤੇ ਜਗਦੀਪ ਕੌਰ ਸਮੇਤ ਹੋਰ ਆਗੂ ਮੰਗ-ਪੱਤਰ ਦੇਣ ਮੌਕੇ ਹਾਜ਼ਰ ਸਨ।

