ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 24 ਸਤੰਬਰ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਮਾਣ-ਭੱਤਾ ਨਾ ਮਿਲਣ ਕਾਰਨ ਹਲਕਾ ਸਮਰਾਲਾ ਤੋਂ ‘ਆਪ’ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਮਾਛੀਵਾੜਾ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬਰਤਨ ਖੜਕਾ ਕੇ ਰੋਸ ਮੁਜ਼ਾਹਰਾ ਵੀ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਕੁਲਵੰਤ ਕੌਰ ਨੀਲੋਂ, ਪ੍ਰੈੱਸ ਸਕੱਤਰ ਕੁਲਵਿੰਦਰ ਕੌਰ ਭੰਗੂ ਤੇ ਖਜ਼ਾਨਚੀ ਮਨਜੀਤ ਕੌਰ ਸੈਸੋਂਵਾਲ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਉਨ੍ਹਾਂ ਨੂੰ ਬਣਦਾ ਮਾਣ-ਭੱਤਾ ਨਹੀਂ ਦਿੱਤਾ ਜਾ ਰਿਹਾ ਜੋ ਕਿ ਪਹਿਲਾਂ ਇੱਕ ਮਹੀਨੇ ਬਾਅਦ ਹੀ ਮਿਲ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਾਛੀਵਾੜਾ ਦੇ ਬਲਾਕ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਦੇ ਤਬਾਦਲੇ ਤੋਂ ਬਾਅਦ ਇਹ ਅਸਾਮੀ ਖਾਲੀ ਪਈ ਹੈ, ਜਿਸ ਕਾਰਨ ਉਨ੍ਹਾਂ ਨੂੰ ਮਾਣ-ਭੱਤਾ ਦੇਣ ਵਿੱਚ ਦੇਰੀ ਕੀਤੀ ਜਾ ਰਹੀ ਹੈ।
ਉਕਤ ਆਗੂਆਂ ਨੇ ਕਿਹਾ ਕਿ ਯੂਨੀਅਨ ਵੱਲੋਂ ਕਈ ਵਾਰ ਵਿਧਾਇਕ ਅਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਪਰ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਯੂਨੀਅਨ ਨੇ ਦੋ ਦਿਨ ਪਹਿਲਾਂ ਸੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਸੀ। ਹੁਣ ਉਨ੍ਹਾਂ ਨੂੰ ਮਜਬੂਰਨ ਵਿਧਾਇਕ ਦੇ ਦਫ਼ਤਰ ਦੇ ਬਾਹਰ ਧਰਨਾ ਲਗਾਉਣਾ ਪਿਆ। ਯੂਨੀਅਨ ਵੱਲੋਂ ਸੀਡੀਪੀਓ ਦਫ਼ਤਰ ਦੀ ਅਧਿਕਾਰੀ ਮਨਜੀਤ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਵਰਕਰਾਂ ਤੇ ਹੈਲਪਰਾਂ ਦਾ ਬਣਦਾ ਮਾਣ-ਭੱਤਾ ਬੁੱਧਵਾਰ ਤੱਕ ਮਿਲ ਜਾਵੇਗਾ ਜਿਸ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਵਾਅਦੇ ਤੋਂ ਵਫ਼ਾ ਹੋਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਾਰਜਕਾਰੀ ਪ੍ਰਧਾਨ ਪਰਮਜੀਤ ਕੌਰ, ਕੁਲਵਿੰਦਰ ਕੌਰ ਭੰਗੂ, ਪਰਮਜੀਤ ਕੌਰ ਮੁਸ਼ਕਾਬਾਦ, ਹਰਦੀਪ ਕੌਰ ਬੌਂਦਲੀ, ਨਿਰਮਲਜੀਤ ਕੌਰ, ਗੁਰਵਿੰਦਰ ਕੌਰ, ਕੁਲਵਿੰਦਰ ਕੌਰ, ਸੁਖਜਿੰਦਰ ਕੌਰ, ਸੁਰਿੰਦਰ ਕੌਰ, ਰਾਜਿੰਦਰ ਕੌਰ, ਨੀਲਮ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।