ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਗਸਤ
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਖੇ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਦੀ 18ਵੀਂ ਬਰਸੀ ਸਬੰਧੀ ਸਮਾਗਮ ਸ਼ੁਰੂ ਹੋ ਗਏ ਹਨ।
ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਨਿਰਧਾਰਿਤ ਰਾਗਾਂ ਵਿੱਚ ਕਰਕੇ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਜਵੱਦੀ ਟਕਸਾਲ ਦੇ ਮੁੱਖੀ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਅਤੇ ਬਾਨੀ ਜਵੱਦੀ ਟਕਸਾਲ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਗੁਰੂ ਆਸ਼ੇ ਅਨੁਸਾਰ ਗੁਰਮਤਿ ਸਿਧਾਂਤ ਤੇ ਗੁਰਮਤਿ ਸੰਗੀਤ ਦੀ ਪ੍ਰਫੁੱਲਤਾ ਲਈ ਲਗਾ ਕੇ ਇੱਕ ਅਲੌਕਿਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੱਸਿਆ ਕਿ 27 ਅਗਸਤ ਤੱਕ ਹੋਣ ਵਾਲੇ ਬਰਸੀ ਸਮਾਗਮ ਸਰਕਾਰ ਵੱਲੋਂ ਜਾਰੀ ਜ਼ਰੂਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਸੀਮਤ ਦਾਇਰੇ ਅੰਦਰ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ 26 ਅਤੇ 27 ਅਗਸਤ ਨੂੰ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਹੋਣਗੇ ਅਤੇ 27 ਅਗਸਤ ਸ਼ਾਮ ਨੂੰ ਵਿਸ਼ੇਸ਼ ਤੌਰ ’ਤੇ ਰਾਗ ਦਰਬਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੀ ਲਾਈਵ ਕਵਰੇਜ਼ ਦਾ ਵਿਸ਼ੇਸ਼ ਪ੍ਰਸਾਰਨ ਜਵੱਦੀ ਟਕਸਾਲ ਦੀ ਵੈੱਬਸਾਈਟ, ਫੇਸਬੁੱਕ ਅਤੇ ਯੂ-ਟਿਊਬ ਤੋਂ ਵੀ ਕੀਤਾ ਜਾਵੇਗਾ। ਇਸ ਮੌਕੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ, ਰਣਜੋਧ ਸਿੰਘ, ਚਰਨਜੀਤ ਸਿੰਘ (ਪੀਐਸਬੀ) ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।