ਸਤਵਿੰਦਰ ਬਸਰਾ
ਲੁਧਿਆਣਾ, 17 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਵੱਲੋਂ ਪੰਜਾਬ ਭਰ ਵਿੱਚ ਕਲਮ ਛੋੜ/ਕੰਪਿਊਟਰ ਬੰਦ ਅਤੇ ਮੁਕੰਮਲ ਹੜਤਾਲ ਦੀ ਮਿਆਦ 19 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।ਜੱਥੇਬੰਦੀ ਵੱਲੋਂ ਇਹ ਫੈਸਲਾ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਪ੍ਰਤੀ ਅੜੀਅਲ ਰਵੱਈਆ ਅਖਤਿਆਰ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਦੇ ਰੋਸ ਵਜੋਂ ਲਿਆ ਗਿਆ ਹੈ।
ਪੰਜਾਬ ਭਰ ਦੇ ਦਫ਼ਤਰੀ ਕਾਮਿਆਂ ਵੱਲੋਂ 10 ਅਕਤੂਬਰ ਤੋਂ ਸ਼ੁਰੂ ਕੀਤੀ ਇਸ ਹੜਤਾਲ ਤਹਿਤ ਅੱਜ ਅੱਠਵੇਂ ਦਿਨ ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ, ਜਨਰਲ ਸਕੱਤਰ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਜ਼ਿਲ੍ਹਾ ਖਜ਼ਾਨਾ ਦਫ਼ਤਰ ਲੁਧਿਆਣਾ ਵਿੱਚ ਮੁਕੰਮਲ ਤੌਰ ’ਤੇ ਕਲਮ ਛੋੜ/ਕੰਪਿਊਟਰ ਬੰਦ ਕਰਕੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦੇ ਹੋਏ ਦਫ਼ਤਰੀ ਕੰਮਕਾਜ ਠੱਪ ਰੱਖਿਆ ਗਿਆ। ਜਥੇਬੰਦੀ ਦੇ ਵਧੀਕ ਸਕੱਤਰ ਅਮਿਤ ਅਰੋੜਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਪ੍ਰਤੀ ਪੂਰੀ ਤਰ੍ਹਾਂ ਅਵੇਸਲੀ ਹੈ । ਉਨ੍ਹਾਂ ਕਿਹਾ ਜਦੋਂ ਤੱਕ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਬਕਾਇਆ 10 ਪ੍ਰਤੀਸ਼ਤ ਮਹਿੰਗਾਈ ਭੱਤਾ ਅਤੇ ਮੁਲਾਜ਼ਮਾਂ ਦੀਆਂ ਬਾਕੀ ਜਾਇਜ਼ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ ਨੇ ਕਿਹਾ ਕਿ ਮੁਲਾਜ਼ਮ ਵਰਗ ਕੋਈ ਭੀਖ ਨਹੀਂ ਮੰਗ ਰਿਹਾ ਸਗੋਂ ਆਪਣਾ ਹੱਕ ਮੰਗ ਰਿਹਾ ਹੈ, ਇਸ ਲਈ ਸਰਕਾਰ ਨੂੰ ਪਹਿਲ ਦੇ ਆਧਾਰ ’ਤੇ ਮੁਲਾਜ਼ਮ ਮੰਗਾਂ ਮੰਨਣੀਆਂ ਚਾਹੀਦੀਆਂ ਹਨ ।
ਸੀਪੀਐੱਫ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਭਾਂਬਕ ਅਤੇ ਲਖਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦ ਤੋਂ ਜਲਦ ਬਹਾਲ ਕਰੇ। ਮੁਲਾਜ਼ਮ ਆਗੂ ਸੁਨੀਲ ਕੁਮਾਰ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਖਜ਼ਾਨੇ ਨੂੰ ਭਰ ਲਿਆ ਗਿਆ ਹੈ ਪਰ ਦੂਸਰੇ ਪਾਸੇ ਜਦੋਂ ਮੁਲਾਜ਼ਮਾਂ ਦੀ ਗੱਲ ਆਉਂਦੀ ਹੈ ਤਾਂ ਸਰਕਾਰੀ ਖਜ਼ਾਨਾ ਖਾਲੀ ਹੋ ਜਾਂਦਾ ਹੈ।
ਇਸ ਮੌਕੇ ਅਨਿਲ ਕੁਮਾਰ, ਪਰਵੀਨ ਕੁਮਾਰ, ਧਰਮ ਸਿੰਘ, ਵਿਮਲਜੀਤ ਸਿੰਘ, ਰਣਧੀਰ ਸਿੰਘ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ, ਦਰਬਾਰਾ ਸਿੰਘ, ਤਜਿੰਦਰ ਸਿੰਘ ਢਿੱਲੋਂ, ਰਾਕੇਸ਼ ਕੁਮਾਰ, ਆਕਾਸ਼ਦੀਪ ਸਿੰਘ, ਜਗਦੇਵ ਸਿੰਘ, ਧਰਮ ਪਾਲ ਪਾਲੀ, ਅਮਨਦੀਪ ਕੌਰ ਪਰਾਸ਼ਰ, ਤਲਵਿੰਦਰ ਸਿੰਘ, ਰਾਜੇਸ਼ ਕਪਿਲਾ ਤੇ ਗੁਰਚਰਨ ਸਿੰਘ ਨੇ ਸੰਬੋਧਨ ਕੀਤਾ।