ਕੁਲਵਿੰਦਰ ਸਿੰਘ ਗਿੱਲ
ਕੁੱਪ ਕਲਾਂ, 31 ਮਈ
ਕੇਂਦਰ ਵੱਲੋਂ ਨਵੇਂ ਲਿਆਂਦੇ ਤਿੰਨ ਖੇਤੀ ਕਨੂੰਨ ਬਿੱਲਾਂ ਦੇ ਵਿਰੋਧ ਵਿੱਚ ਲਹਿਰਾ ਟੌਲ ਪਲਾਜ਼ਾ ਤੇ ਕਿਸਾਨਾਂ ਦਾ ਧਰਨਾ 242ਵੇ ਦਿਨ ਵਿੱਚ ਦਾਖਲ ਹੋ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੇ ਪ੍ਰਧਾਨ ਸ਼ੇਰ ਸਿੰਘ ਮਹੋਲੀ, ਪ੍ਰੈੱਸ ਸਕੱਤਰ ਗੁਰਮੇਲ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਧਲੇਰ ਕਲਾਂ, ਹਰਬੰਸ ਸਿੰਘ ਮਾਣਕੀ ਦੱਸਿਆ ਕਿ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਦੇ ਨਾਲ ਨਾਲ ਹੁਣ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਵੀ ਪਟਿਆਲਾ ਵਿੱਚ ਕਿਸਾਨ ਸੰਘਰਸ਼ ਕਰ ਚੁੱਕੇ ਹਨ ਜਿਸ ਵਿੱਚ ਸਰਕਾਰ ਤੋਂ ਨਵੇਂ ਡਾਕਟਰਾਂ ਦੀ ਭਰਤੀ ਕਰਨ ਅਤੇ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਪਿੰਡਾਂ ਵਿਚ ਸਿਹਤ ਕਰਮਚਾਰੀਆਂ ਦੀ ਭਰਤੀ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਵਿਰੁੱਧ ਵੀ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਾਜਿੰਦਰ ਸਿੰਘ ਭੋਗੀਵਾਲ, ਬੰਟੀ ਚੀਮਾ, ਪਰਦੀਪ ਸਿੰਘ ਰਸੀਨ, ਹਰਮੀਤ ਸਿੰਘ ਘੁੰਗਰਾਣਾ, ਅਮਰ ਸਿੰਘ ਸਰਾਓ, ਇਕਾਈ ਪ੍ਰਧਾਨ ਅਕਬਰਪੁਰ ਛੰਨਾ, ਜਗਦੀਸ਼ ਸਿੰਘ ਡੀਸੀ ਹਾਜ਼ਰ ਸਨ ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 244ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਛੋਟੇ ਕਿਸਾਨ ਬਿਲਕੁਲ ਤਬਾਹ ਹੋ ਜਾਣਗੇ। ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਏ ਫੈਸਲੇ ਅਨੁਸਾਰ 5 ਜੂਨ ਨੂੰ ਭਾਜਪਾ ਦੇ ਐਮਪੀਜ਼ ਤੇ ਵਿਧਾਇਕਾਂ ਦੇ ਘਰਾਂ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ। ਕੈਪਟਨ ਸਰਕਾਰ ਤੇ ਵਰ੍ਹਦਿਆਂ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦਰਾਂ ਵਿਚ ਰਾਹਤ ਦੇਣਾ ਮਹਿਜ਼ ਇਕ ਚੋਣ ਸਟੰਟ ਤੋਂ ਬਿਨਾਂ ਕੁਝ ਨਹੀਂ ਹੈ। ਇਸ ਮੌਕੇ ਅਵਤਾਰ ਸਿੰਘ, ਹਰਜੀਤ ਸਿਘੰ, ਹਰਵਿੰਦਰ ਸਿੰਘ ਹਾਜ਼ਰ ਸਨ।
ਖੱਟਰ ਆਪਣੀ ਨਾਕਾਮੀ ਕਿਸਾਨਾਂ ਸਿਰ ਮੜ੍ਹ ਰਹੇ ਨੇ: ਆਗੂ
ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਅਤੇ ਜ਼ਿਲ੍ਹਾ ਸਕੱਤਰ ਪ੍ਰੋਫੈਸਰ ਪਰਮਜੀਤ ਕੌਰ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਰੋਨਾ ਨਾਲ ਨਜਿੱਠਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋਏ ਹਨ, ਪਰ ਉਹ ਆਪਣੀ ਨਾਕਾਮੀ ਅੰਦੋਲਨਕਾਰੀ ਕਿਸਾਨਾਂ ਦੇ ਸਿਰ ਮੜ੍ਹ ਕੇ ਖ਼ੁਦ ਸੁਰਖ਼ਰੂ ਹੋਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਰੋਨਾ ਦੇ ਟਾਕਰੇ ਲਈ ਯੋਗ ਪ੍ਰਬੰਧ ਨਹੀਂ ਕਰ ਸਕੀਆਂ। ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਲੜੀਵਾਰ ਧਰਨੇ ਦੀ ਅਗਵਾਈ ਅਮਨਦੀਪ ਕੌਰ, ਸੁਖਵਿੰਦਰ ਕੌਰ ਅਤੇ ਮਹਿੰਦਰ ਕੌਰ ਨੇ ਕੀਤੀ।ਇਸ ਮੌਕੇ ਗੁਰਮੀਤ ਕੌਰ, ਪਰਮਜੀਤ ਕੌਰ ਜੜਤੌਲੀ, ਕਿਸਾਨ ਆਗੂ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਨੌਜਵਾਨ ਆਗੂ ਹਰਨੇਕ ਸਿੰਘ ਗੁੱਜਰਵਾਲ ਨੇ ਵੀ ਸੰਬੋਧਨ ਕੀਤਾ। ਉੱਧਰ ਲੁਧਿਆਣਾ ਬਠਿੰਡਾ ਰਾਜ ਮਾਰਗ ਉੱਪਰ ਹਿੱਸੋਵਾਲ-ਰਕਬਾ ਟੌਲ ਪਲਾਜ਼ਾ ਉੱਪਰ ਵੀ ਕਿਸਾਨ ਜਥੇਬੰਦੀਆਂ ਦਾ ਲੜੀਵਾਰ ਧਰਨਾ ਅੱਜ ਵੀ ਜਾਰੀ ਰਿਹਾ।