ਡੀਏਵੀ ਪਬਿਲਕ ਸਕੂਲ, ਪੱਖੋਵਾਲ ਰੋਡ ਵਿੱਚ ਦਸਵੀਂ ਜਮਾਤ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਉਪ ਚੇਅਰਮੈਨ ਅਤੇ ਪਦਮ ਭੂਸ਼ਣ ਸਨਮਾਨ ਪ੍ਰਾਪਤ ਡਾ. ਸਰਦਾਰਾ ਸਿੰਘ ਜੌਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦਾ ਆਰੰਭ ਧਾਰਮਿਕ ਰਸਮਾਂ ਨਾਲ ਹੋਇਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਗਰਬਾ, ਕੱਥਕ, ਰਾਜਸਥਾਨੀ ਨਾਚ, ਵੈਸਟਰਨ ਡਾਂਸ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਕਰਕੇ ਦੇਸ਼ ਦੇ ਅਮੀਰ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਕਈ ਸਕਿੱਟਾਂ ਵੀ ਪੇਸ਼ ਕੀਤੀਆਂ ਗਈਆਂ। ਇਸ ਸਮਾਗਮ ਵਿੱਚ 2024-25 ਸ਼ੈਸ਼ਨ ’ਚ ਨੌਵੀਂ ਵਿੱਚੋਂ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵਧੀਆ ਪੇਸ਼ਕਾਰੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਇਨਾਮ ਦਿੱਤੇ ਗਏ। ਇਸ ਮੌਕੇ ਡਾ. ਜੌਹਲ ਨੇ ਵਿਦਿਆਰਥੀਆਂ ਨੂੰ ਕਿਤਾਬੀ ਪੜ੍ਹਾਈ ਦੇ ਨਾਲ ਨਾਲ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਸਮਾਗਮ ਵਿੱਚ ਵਧੀਆ ਪੇਸ਼ਕਾਰੀ ਦੇਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਅਕਾਦਮਿਕ ਸੁਪਰਵਾਈਜ਼ਰ ਗੋਪਾਲ ਠਾਕੁਰ ਨੇ ਸਾਰਿਆਂ ਦਾ ਧੰਨਵਾਦ ਕੀਤਾ।