ਲੁਧਿਆਣਾ (ਗਗਨਦੀਪ ਅਰੋੜਾ): ਸਾਉਣੀ ਸੀਜ਼ਨ ਵਿੱਚ ਵਿਸ਼ੇਸ਼ ਕਰਕੇ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ ’ਤੇੇ ਅੱਗ ਲਾਈ ਜਾਂਦੀ ਹੈ, ਉਥੇ ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪਿੰਡ ਪੱਧਰ ’ਤੇ ਜ਼ਮੀਨੀ ਸਰਗਰਮੀਆਂ ਲਈ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਵੀ ਸ਼ਾਮਲ ਕੀਤਾ ਜਾਵੇ ਜਿਸ ਕਰਕੇ ਹਰੇਕ ਪਿੰਡ ਜਿੱਥੇ ਝੋਨਾ ਲਾਇਆ ਜਾਂਦਾ ਅਤੇ ਪਰਾਲੀ ਨੂੰ ਸਾੜਿਆ ਜਾਂਦਾ ਹੈ ਅਤੇ ਲਈ ਸੂਬਾ ਭਰ ਵਿੱਚ 8000 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਨੋਡਲ ਅਫਸਰ 15 ਨਵੰਬਰ ਤੱਕ ਪਿੰਡਾਂ ਵਿਚ ਆਪਣੀ ਡਿਊਟੀ ਨਿਭਾਉਣਗੇ ਅਤੇ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ ਅਤੇ ਭੌਂ ਸੁਰੱਖਿਆ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਗਾਰਡੀਅਨਜ਼ ਆਫ ਗਵਰਨੈਂਸ ਨਾਲ ਪੂਰਾ ਤਾਲਮੇਲ ਕਰਕੇ ਪੰਜਾਬ ਵਿੱਚ ਪਰਾਲੀ ਸਾੜਣ ਦੇ ਗੈਰ-ਸਿਹਤਮੰਦ ਅਮਲ ਦੇ ਖਾਤਮੇ ਲਈ ਆਪਣੇ ਯਤਨ ਹੋਰ ਤੇਜ਼ ਕਰਨਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅਫਸਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਸਿਰਫ ਸੁਪਰ ਐੱਸਐੱਮਐੱਸ ਸਿਸਟਮ ਵਾਲੀਆਂ ਕੰਬਾਈਨਾਂ ਨੂੰ ਚੱਲਣ ਦਿੱਤਾ ਜਾਵੇ। ਇਹ ਅਫਸਰ ਪਰਾਲੀ ਸਾੜਣ ਵਾਲੇ ਕਿਸਾਨਾਂ ਦਾ ਪਤਾ ਲਾਉਣਗੇ ਅਤੇ ਪਿੰਡ ਦੇ ਮਾਲ ਪਟਵਾਰੀ ਨੂੰ ਮਾਲ ਵਿਭਾਗ ਵੱਲੋਂ ਵੱਖਰੇ ਤੌਰ ’ਤੇ ਜਾਰੀ ਹਦਾਇਤਾਂ ਮੁਤਾਬਕ ਮਾਲ ਰਿਕਾਰਡ ਵਿੱਚ ਲੋੜੀਂਦੀ ਐਂਟਰੀ ਕਰਨ ਲਈ ਕਹਿਣਗੇ।