ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਅਪਰੈਲ
ਕਰੋਨਾ ਮਹਾਮਾਰੀ ਦੇ ਪਰਛਾਵੇਂ ਹੇਠ 10 ਅਪਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਦੇ ਸੀਜ਼ਨ ਨੂੰ ਆਸਾਨ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ’ਤੇ ਤਿਆਰੀ ਖਿੱਚੀ ਗਈ ਹੈ, ਜਿਸਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਵਿਚ ਆਪਸੀ ਵਿੱਥ ਨੂੰ ਕਾਇਮ ਰੱਖਣ ਲਈ ਨਿਸ਼ਾਨਦੇਹੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਵਿਡ ਪ੍ਰਬੰਧਨ ਪ੍ਰੋਗਰਾਮ ਤਹਿਤ ਵਾਇਰਸ ਦੇ ਪਸਾਰ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਇਕ ਸੁਨਹਿਰੀ ਨਿਯਮ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਦਰਮਿਆਨ ਸਮਾਜਿਕ ਦੂਰੀ ਬਣਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿਚ ਨਿਸ਼ਾਨ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨ ਇੱਕ ਜਗ੍ਹਾ ’ਤੇ ਇਕੱਠੇ ਨਾ ਹੋਣ। ਉਨ੍ਹਾਂ ਦੱਸਿਆ ਕਿ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਂਦੇ ਹੋਏ ਸਮਾਜਿਕ ਦੂਰੀ ਕਾਇਮ ਰੱਖਣੀ ਸਮੇਂ ਦੀ ਲੋੜ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਔਖੀ ਘੜੀ ਵਿੱਚ ਵੀ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਪੰਜਾਬ ਸਰਕਾਰ ਨੇ ਕੋਵਿਡ-19 ਸੰਕਟ ਦੇ ਮੱਦੇਨਜ਼ਰ ਕਿਸਾਨਾਂ ਲਈ ਅਨਾਜ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕਰਨ ਲਈ 10 ਅਪਰੈਲ ਤੋਂ ਖਰੀਦ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਸਾਰੇ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ, ਜਿਸ ਵਿੱਚ ਕਿਸਾਨਾਂ ਅਤੇ ਸਰਕਾਰੀ ਕਰਮਚਾਰੀਆਂ ਲਈ ਮਾਸਕ, ਸੈਨੀਟਾਈਜ਼ਰ ਅਤੇ ਹੱਥ ਧੋਣ ਦੀਆਂ ਸਹੂਲਤਾਂ ਸ਼ਾਮਲ ਹਨ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸੁਖਵੰਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਾਲ ਅਸੀਂ ਲੁਧਿਆਣਾ ਦੀਆਂ ਅਨਾਜ ਮੰਡੀਆਂ ’ਚੋਂ ਲਗਭਗ 9 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦੀ ਉਮੀਦ ਕਰ ਰਹੇ ਹਾਂ।