ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਮਾਰਚ
ਜ਼ਿਲ੍ਹਾ ਲੁਧਿਆਣਾ ਦੇ ਸਾਰੇ ਗਿਣਤੀ ਕੇਂਦਰਾਂ ਵਿੱਚ ਪ੍ਰਬੰਧਕ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੀਆਂ 14 ਵਿਧਾਨ ਸਭਾ ਸੀਟਾਂ ਲਈ 14 ਗਿਣਤੀ ਕੇਂਦਰ ਬਣਾਏ ਗਏ ਹਨ। ਇੱਥੇ ਈਵੀਐਮਜ਼ ਨੂੰ ਖੋਲ੍ਹ ਕੇ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਰਾਹੀਂ ਗਿਣਤੀ ਤੋਂ ਬਾਅਦ ਹਰ ਵਿਧਾਨ ਸਭਾ ਹਲਕੇ ’ਚੋਂ ਦੋ ਵੀਵੀਪੈਟ ਮਸ਼ੀਨਾਂ ਚੁਣ ਕੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਈਵੀਐਮਜ਼ ਤੇ ਵੀਵੀਪੈਟ ਮਸ਼ੀਨਾਂ ਲਗਾਤਾਰ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹਨ ਅਤੇ ਪੰਜਾਬ ਪੁਲੀਸ, ਪੰਜਾਬ ਆਰਮਡ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਵਲੋਂ ਤਿੰਨ ਪੜਾਅ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਗਿਣਤੀ ਕੇਂਦਰਾਂ ਦੀ ਹਦੂਦ ਅੰਦਰ ਸਥਾਪਿਤ ਕੀਤੇ ਮੀਡੀਆ ਰੂਮਜ਼ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਅੰਦਰ ਮੋਬਾਈਲ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮੀਡੀਆ ਕਰਮੀਆਂ ਨੂੰ ਮੋਬਾਈਲ ਫੋਨਾਂ ਨਾਲ ਫੋਟੋਆਂ ਜਾਂ ਵੀਡੀਓ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਤੀਜਿਆਂ ਦੇ ਐਲਾਨ ਤੋਂ ਬਾਅਦ ਕੋਈ ਵੀ ਜਿੱਤ ਦਾ ਜਲੂਸ ਨਹੀਂ ਕੱਢਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 14 ਕਾਊਂਟਿੰਗ ਅਬਜ਼ਰਵਰਾਂ ਦੀ ਦੇਖ-ਰੇਖ ਵਿੱਚ ਨੇਪਰੇ ਚਾੜ੍ਹੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਖੰਨਾ ਹਲਕੇ ਵਿੱਚ 14 ਰਾਊਂਡ, ਸਮਰਾਲਾ ਵਿੱਚ 16 ਰਾਊਂਡ, ਸਾਹਨੇਵਾਲ ਵਿੱਚ 21 ਰਾਊਂਡ, ਲੁਧਿਆਣਾ ਪੂਰਬੀ ਵਿੱਚ 17 ਰਾਊਂਡ, ਲੁਧਿਆਣਾ ਦੱਖਣੀ ਵਿੱਚ 13 ਰਾਊਂਡ, ਆਤਮ ਨਗਰ ਵਿੱਚ 13 ਰਾਊਂਡ, ਲੁਧਿਆਣਾ ਕੇਂਦਰੀ ਵਿੱਚ 13 ਰਾਊਂਡ, ਲੁਧਿਆਣਾ ਪੱਛਮੀ ਵਿੱਚ 15 ਰਾਊਂਡ, ਉੱਤਰੀ ਲੁਧਿਆਣਾ ਵਿੱਚ 15 ਰਾਊਂਡ, ਗਿੱਲ ਦੇ 22 ਰਾਊਂਡ, ਪਾਇਲ ਦੇ 15 ਰਾਊਂਡ, ਦਾਖਾ ਦੇ 16 ਰਾਊਂਡ, ਰਾਏਕੋਟ ਦੇ 14 ਰਾਊਂਡ ਅਤੇ ਜਗਰਾਉਂ ਹਲਕੇ ਦੇ 15 ਰਾਊਂਡ ਹੋਣਗੇ।
ਉਨ੍ਹਾਂ ਦੱਸਿਆ ਕਿ 10 ਮਾਰਚ ਨੂੰ ਗਿਣਤੀ ਕੇਂਦਰਾਂ ਵਾਲੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ 10 ਮਾਰਚ ਨੂੰ ਡਰਾਈ ਡੇਅ ਦਾ ਵੀ ਐਲਾਨ ਕੀਤਾ ਗਿਆ ਹੈ।
ਗਿਣਤੀ ਕੇਂਦਰ ਦੁਆਲੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਐਲਾਨਿਆ
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਿਣਤੀ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਐਲਾਨਿਆ ਗਿਆ ਹੈ। ਟ੍ਰੈਫਿਕ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਆਲੇ-ਦੁਆਲੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।