ਸਮਰਾਲਾ ਰੈਲੀ ਲਈ ਲੰਗਰ ਦੇ ਪ੍ਰਬੰਧ ਮੁਕੰਮਲ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅੱਜ ਸਮਰਾਲਾ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਜੇਤੂ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਪੰਜਾਬ ਭਰ ਤੋਂ ਆਉਣ ਵਾਲੇ ਕਿਸਾਨਾਂ ਲਈ ਲੰਗਰ, ਪਾਣੀ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਜੇਤੂ ਰੈਲੀ ਵਿੱਚ ਪੰਜਾਬ ਭਰ ਦੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਕਿਉਂਕਿ ਇਸ ਲੈਂਡ ਪੂਲਿੰਗ ਪਾਲਿਸੀ ਰਾਹੀਂ ਸਰਕਾਰ ਨੇ ਕਿਸਾਨਾਂ ਦੀ ਸਲਾਹ ਲਏ ਬਿਨਾਂ ਹੀ ਪੰਜਾਬ ਦੀ ਉਪਜਾਊ ਜਮੀਨ ਕਾਰਪੋਰੇਟਾਂ ਨੂੰ ਸੌਂਪਣ ਲਈ ਮੋਦੀ ਸਰਕਾਰ ਵਾਲਾ ਰਾਹ ਅਪਣਾਇਆ ਸੀ। ਉਨ੍ਹਾਂ ਸਰਕਾਰ ਨੂੰ ਮੁੜ ਚਿਤਾਵਨੀ ਦਿੱਤੀ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਭਵਿੱਖ ਵਿੱਚ ਪੰਜਾਬ ਅੰਦਰ ਜਿਹੜੀ ਮਰਜੀ ਪਾਰਟੀ ਦੀ ਸਰਕਾਰ ਹੋਵੇ ਉਹ ਕਿਸਾਨ ਮਾਰੂ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੁੜ ਗਲਤੀ ਨਾ ਕਰੇ, ਨਹੀਂ ਤਾਂ ਉਸਨੂੰ ਮੁੜ ਮੂੰਹ ਦੀ ਖਾਣੀ ਪਵੇਗੀ। ਆਗੂਆਂ ਨੇ ਅੱਗੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਰੈਲੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਲੰਗਰ ਪਾਣੀ, ਗੱਡੀਆਂ, ਟਰੈਕਟਰ ਟਰਾਲੀਆਂ ਦੀ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਦੂਰੋਂ ਨੇੜੇ ਤੋਂ ਆਏ ਕਿਸਾਨਾਂ ਨੂੰ ਕੋਈ ਤਕਲੀਫ ਨਾ ਆਵੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਸਾਹਬਾਣਾ, ਹਰਦੀਪ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਲੁਧਿਆਣਾ, ਦਲਜੀਤ ਸਿੰਘ ਊਰਨਾ ਜਨਰਲ ਸਕੱਤਰ ਬਲਾਕ ਸਮਰਾਲਾ ਵੀ ਹਾਜਰ ਸਨ।