ਹੈਰੋਇਨ ਦੀ ਤਸਕਰੀ ਕਰਨ ਦੇ ਦੋਸ਼ ਹੇਠ ਕਾਬੂ
ਤਰਨ ਤਾਰਨ ਤੋਂ ਹੈਰੋਇਨ ਲਿਆ ਕੇ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਸਪਲਾਈ ਕਰਨ ਵਾਲੇ ਇੱਕ ਮੁਲਜ਼ਮ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਤਾਜਪੁਰ ਰੋਡ ਸੰਜੇ ਗਾਂਧੀ ਕਲੋਨੀ ਨੇੜੇ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਮੁਲਜ਼ਮ ਕਿਸੇ ਨੂੰ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਸੀ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 272 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਸੱਤ ਦੇ ਨਿਊ ਸੁਭਾਸ਼ ਨਗਰ ਦੇ ਰਹਿਣ ਵਾਲੇ ਰਣਬੀਰ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਮੁਲਜ਼ਮ ਰਣਬੀਰ ਸਿੰਘ ਤੋਂ ਪੁੱਛ-ਪੜਤਾਲ ਕਰਨ ਵਿੱਚ ਲੱਗੀ ਹੋਈ ਹੈ।
ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲੀਸ ਨੇ ਤਾਜਪੁਰ ਰੋਡ ’ਤੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਕਿਸੇ ਨੂੰ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਹੈ। ਪੁਲੀਸ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਘੇਰ ਲਿਆ ਤੇ ਉਸਦੇ ਕਬਜ਼ੇ ਵਿੱਚੋਂ ਹੈਰੋਇਨ ਬਰਾਮਦ ਕੀਤੀ। ਪੁਲੀਸ ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਤਰਨ ਤਾਰਨ ਇਲਾਕੇ ਤੋਂ ਨਸ਼ੀਲੇ ਪਦਾਰਥ ਲਿਆਉਂਦਾ ਹੈ ਅਤੇ ਸਪਲਾਈ ਕਰਦਾ ਹੈ। ਮੁਲਜ਼ਮ ਨੇ ਪੁੱਛ-ਪੜਤਾਲ ਦੌਰਾਨ ਉਸ ਦੇ ਇੱਕ ਸਾਥੀ ਸਨੀ ਕੁਮਾਰ ਉਰਫ਼ ਪੱਪੂ, ਜੋ ਕਿ ਖਾਸੀ ਕਲਾਂ ਇਲਾਕੇ ਵਿੱਚ ਰਹਿੰਦਾ ਹੈ, ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਉਸ ਤੋਂ ਇੱਕ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ। ਪੁਲੀਸ ਅਨੁਸਾਰ ਦੋਵੇਂ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਮੁਲਜ਼ਮ ਸਨੀ ਵਿਰੁੱਧ ਪਹਿਲਾਂ ਵੀ ਕੇਸ ਦਰਜ ਹਨ।