ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ ਜਦਕਿ ਉਸਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਬਸੰਤ ਨਗਰ ਸ਼ਿਮਲਾਪੁਰੀ ਵਾਸੀ ਹਰਭਜਨ ਸਿੰਘ ਖਾਲਸਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਲਈ ਰਵਾਨਾ ਹੋਇਆ ਸੀ। ਇਸ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਈਸ਼ਰ ਨਗਰ ਪੁਲੀ ਗਿੱਲ ਰੋਡ ’ਤੇ ਫਲੈਕਸ ਬੋਰਡ ਲਾਏ ਗਏ ਸਨ। ਫਲੈਕਸ ਬੋਰਡਾਂ ਉੱਪਰ ਗੁਰੂ ਗੋਬਿੰਦ ਸਿੰਘ, ਗੁਰੂ ਤੇਗ ਬਹਾਦਰ ਅਤੇ ਬਾਬਾ ਜੀਵਨ ਸਿੰਘ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ। ਜੁਝਾਰ ਨਗਰ ਸ਼ਿਮਲਾਪੁਰੀ ਵਾਸੀ ਚੰਦਨ ਕੁਮਾਰ ਅਤੇ ਈਸ਼ਰ ਨਗਰ ਪੁਲੀ ਗਿੱਲ ਰੋਡ ਵਾਸੀ ਸੁਖਵਿੰਦਰ ਸਿੰਘ ਨੇ ਤਸਵੀਰਾਂ ਫਾੜ ਕੇ ਫਲੈਕਸ ਬੋਰਡਾਂ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਨਾਲ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਚੰਦਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਸੁਖਵਿੰਦਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।