ਪੱਤਰ ਪ੍ਰੇਰਕ
ਸਮਰਾਲਾ, 28 ਨਵੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਇੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਵਿਰੁੱਧ ਅਰਥੀ ਫੂਕ ਕੇ ਪੰਜਾਬ ਸਰਕਾਰ ਦੇ ਠੇਕਾ ਮੁਲਾਜ਼ਮਾਂ ਪ੍ਰਤੀ ਹੰਕਾਰੀ ਵਿਹਾਰ ਦੀ ਨਿਖੇਧੀ ਕੀਤੀ ਗਈ।
ਇਸ ਮੌਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੇ ਆਗੂ ਕੁਲਦੀਪ ਸਿੰਘ ਬੁੱਢੇਵਾਲ, ਬ੍ਰਾਂਚ ਆਗੂ ਕਰਮ ਚੰਦ ਫਰੋਰ, ਦਲਵੀਰ ਸਿੰਘ ਗਲਵੱਡੀ, ਰਵਿੰਦਰ ਸਿੰਘ ਮਾਣਕੀ, ਜਸਵੀਰ ਸਿੰਘ, ਸੁਖਦੇਵ ਸਿੰਘ, ਜਗਜੀਤ ਸਿੰਘ, ਗੁਰਸਰਨ ਸਿੰਘ ਤੇ ਰਮਨਦੀਪ ਸਿੰਘ ਨੇ ਕਿਹਾ ਕਿ 26 ਨਵੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਮੁਤਾਬਕ ਠੇਕਾ ਮੁਲਾਜ਼ਮਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫੇਰੀ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਸਮੇਂ ਕਾਮਿਆਂ ਵਿਰੁੱਧ ਨਫ਼ਰਤ ਨਾਲ ਭਰੇ ਮੰਤਰੀਆਂ ਵਲੋਂ ਕਾਮਿਆਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ, ਹੰਕਾਰੀ ਲਹਿਜੇ ’ਚ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ, ਪੰਜਾਬ ਸਰਕਾਰ ਵੱਲੋਂ 11 ਨਵੰਬਰ ਨੂੰ ਪਾਸ ਕੀਤੇ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਕਾਨੂੰਨ 2021’ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸਡ, ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਟੈਂਪਰੇਰੀ, ਕੇਂਦਰੀ ਸਕੀਮਾਂ ਤਹਿਤ ਪਿਛਲੇ 15-20 ਸਾਲਾਂ ਦੇ ਸਮੇਂ ਤੋਂ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲਾ ਕਾਨੂੰਨ ਬਣਾਇਆ ਜਾਵੇ ਨਹੀਂ ਤਾਂ ਇਹ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ।