ਜੋਗਿੰਦਰ ਸਿੰਘ ਓਬਰਾਏ
ਖੰਨਾ, 24 ਫ਼ਰਵਰੀ
ਅੱਜ ਇਥੇ ਬਿਜਲੀ ਬੋਰਡ ਨਾਲ ਸਬੰਧਤ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਚੰਡੀਗੜ੍ਹ ਕਾਰਪੋਰੇਸ਼ਨ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਕੁਲਦੀਪ ਸਿੰਘ ਤੇ ਜਗਦੀਸ਼ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਸ਼ਾਸਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਬਲਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ ਬਿਜਲੀ ਕਾਰਪੋਰੇਸ਼ਨ ਦੇ ਨਿੱਜੀਕਰਨ ਦੇ ਵਿਰੋਧ ਅਤੇ 72 ਘੰਟਿਆਂ ਤੋਂ ਹੜਤਾਲ ਤੇ ਚੱਲ ਰਹੇ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦੀ ਹਮਾਇਤ ਵਿੱਚ ਕਾਮਿਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹੜਤਾਲੀ ਬਿਜਲੀ ਮੁਲਾਜ਼ਮਾਂ ਦੀ ਥਾਂ ਪਾਵਰਕੌਮ ਮੈਨੇਜਮੈਂਟ ਵੱਲੋਂ ਹੋਰ ਮੁਲਾਜ਼ਮਾਂ ਦੀ ਡਿਊਟੀ ਲਾਉਣ ਤੇ ਬਾਈਕਾਟ ਕੀਤਾ ਜਾਵੇਗਾ। ਜੇਕਰ ਫ਼ਿਰ ਵੀ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਮਲਜੀਤ ਸਿੰਘ, ਪ੍ਰੇਮ ਸਿੰਘ, ਸੰਕੇਤ ਸ਼ਰਮਾ, ਅਵਤਾਰ ਸਿੰਘ, ਰਕੇਸ਼ ਕੁਮਾਰ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਕੌਮਾਂਤਰੀ ਵਿੱਤੀ ਸੰਸਥਾਵਾਂ ਦੇ ਨਿਰਦੇਸ਼ਾਂ ਅਨੁਸਾਰ ਬਿਜਲੀ ਖੇਤਰ ਵਿੱਚ ਸੁਧਾਰਾਂ ਦੇ ਨਾਂ ਹੇਠ ਵੱਖ-ਵੱਖ ਰਾਜਾਂ ਦੇ ਬਿਜਲੀ ਕਾਰਪੋਰੇਸ਼ਨਾਂ ਦਾ ਨਿੱਜੀਕਰਨ ਕਰਕੇ ਬਿਜਲੀ ਬਿੱਲ-2022 ਪਾਸ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਵੇਂ ਇਕ ਵਾਰ ਕਿਸਾਨ ਸੰਘਰਸ਼ ਦੇ ਦਬਾਅ ਹੇਠਾਂ ਮੋਦੀ ਹਕੂਮਤ ਨੇ ਬਿਜਲੀ ਬਿੱਲ ਲੋਕ ਸਭਾ ਵਿੱਚ ਪਾਸ ਕਰਾਉਣ ਤੋਂ ਹੱਥ ਪਿੱਛੇ ਖਿੱਚ ਲਏ ਹਨ ਪਰ ਕੇਂਦਰ ਸਰਕਾਰ ਨੇ ਆਪਣਾ ਇਰਾਦਾ ਨਹੀਂ ਤਿਆਗਿਆ।