ਜਾਅਲੀ ਬਿਲਿੰਗ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ
ਜੋਗਿੰਦਰ ਸਿੰਘ ਓਬਰਾਏ
ਖੰਨਾ, 3 ਅਕਤੂਬਰ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇ ਅਤੇ ਬਿਨਾਂ ਕਿਸੇ ਦੇਰੀ ਦੇ ਚੁੱਕਿਆ ਜਾਵੇ। ਉਨ੍ਹਾਂ ਸੂਬੇ ਦੀਆਂ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਉਪਜ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਮੀਂਹ ਤੋਂ ਉਪਜ ਨੂੰ ਬਚਾਉਣ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ, ਹਰੇਕ ਖਰੀਦ ਕੇਂਦਰ ਵਿੱਚ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੋਰਟੇਬਲ ਵਾਟਰ ਸਪਲਾਈ ਅਤੇ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਉਪਕਰਣ ਵੀ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਲਗਭਗ 2.57 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਅਨਾਜ ਮੰਡੀਆਂ ਵਿੱਚ ਤਕਰੀਬਨ 17.53 ਲੱਖ ਮੀਟਰਕ ਟਨ ਝੋਨੇ ਦੇ ਆਉਣ ਦੀ ਉਮੀਦ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਚੁੱਕਣ ਲਈ ਪਹਿਲਾਂ ਹੀ ਢੁੱਕਵੀਂ ਵਿਧੀ ਵਿਕਸਤ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜਾਅਲੀ ਬਿਲਿੰਗ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਮਾਰਕੀਟ ਕਮੇਟੀ ਖੰਨਾ ਦੇ ਦਫਤਰ ਵਿੱਚ ਆੜ੍ਹਤੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਐਸ.ਡੀ.ਐਮ ਮਨਜੀਤ ਕੌਰ, ਡੀ.ਐਫ.ਐਸ.ਸੀ. ਹਰਵੀਨ ਕੌਰ ਹਾਜ਼ਰ ਸਨ।