ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਨਵੰਬਰ
ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਚਲਾਏ ਜਾ ਰਹੇ ਪ੍ਰਾਜੈਕਟ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਡੀਐਮਸੀਐਚ ਵਿੱਚ ਇੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਸੰਸਥਾ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦੇ ਸਾਹਮਣੇ ਇਹ ਰਕਮ ਕੁਝ ਵੀ ਨਹੀਂ ਹੈ। ਇਹ ਗ਼ਰੀਬ ਲੋਕਾਂ ਦੀ ਸੇਵਾ ਵਿੱਚ ਉਨ੍ਹਾਂ ਦੇ ਸਮਰਪਣ ਤੇ ਵਚਨਬੱਧਤਾ ਪ੍ਰਤੀ ਧੰਨਵਾਦੀ ਚਿੰਨ੍ਹ ਹੈ।
ਮੰਤਰੀ ਆਸ਼ੂ ਨੇ ਕਿਹਾ ਕਿ ਡੀਐਮਸੀਐਚ ਦੇ ਡਾਕਟਰਾਂ ਤੇ ਸਿਹਤ ਸਟਾਫ ਨੇ ਕੋਵਿਡ-19 ਵਿਰੁੱਧ ਜੰਗ ਵਿੱਚ ਮਿਸਾਲੀ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾ ਦੇ ਪ੍ਰਬੰਧਕਾਂ ਨੇ ਕੋਵਿਡ-19 ਦੀਆਂ ਲਹਿਰਾਂ ਦੌਰਾਨ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਪ੍ਰਾਜੈਕਟ ਲਈ ਗ੍ਰਾਂਟ ਦਾ ਐਲਾਨ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਡੀਐਮਸੀਐਚ ਤੋਂ ਡਾਕਟਰ ਬਿਸ਼ਵ ਮੋਹਨ ਨੇ ਕਿਹਾ ਕਿ ਆਈਸੀਐਮਆਰ ਪ੍ਰਾਜੈਕਟ ਲੁਧਿਆਣਾ ਦੇ 11 ਸਿਹਤ ਕੇਂਦਰਾਂ ਵਿੱਚ ਚੱਲ ਰਿਹਾ ਹੈ ਅਤੇ ਵਿੱਤੀ ਸਹਾਇਤਾ ਨਾਲ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ ਅਤੇ ਹੋਰ ਜਾਨਾਂ ਬਚਾਉਣ ਵਿੱਚ ਵੀ ਸਹਾਈ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਪ੍ਰਾਜੈਕਟ ਜਵੱਦੀ ਸੀਐਚਸੀ ਅਤੇ ਪੇਂਡੂ ਸਿਹਤ ਕੇਂਦਰ ਪੋਹੀੜ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਦਿਲ ਦੇ ਦੌਰੇ ਦੇ ਲੱਛਣਾਂ ਦੀ ਸ਼ੁਰੂਆਤ ਦੇ 90 ਮਿੰਟ ਵਿਚ ਮਰੀਜ਼ ਨੂੰ ਕਲਾਟ-ਬਸਟਰ ਡਰੱਗ ਟੇਨੈਕਟੇਪਲੇਸ ਦੇ ਕੇ ਕੀਮਤੀ ਜਾਨਾਂ ਨੂੰ ਦਿਲ ਦੇ ਦੌਰੇ ਤੋਂ ਬਚਾਉਣਾ ਹੈ।