ਗਗਨਦੀਪ ਅਰੋੜਾ
ਲੁਧਿਆਣਾ, 9 ਅਕਤੂਬਰ
ਮੱਛਰ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੌਗਿੰਗ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਹ ਹਦਾਇਤ ਕੀਤੀ ਕਿ ਡੇਂਗੂ ਦੇ ਲਾਰਵੇ ਸਬੰਧੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ। ਉਨ੍ਹਾਂ ਅਫ਼ਸਰਾਂ ਦੀ ਕਲਾਸ ਵੀ ਲਗਾਈ ਕਿ ਹੁਣ ਤੱਕ ਫੌਗਿੰਗ ਦਾ ਕੰਮ ਖਤਮ ਕਿਉਂ ਨਹੀਂ ਕੀਤਾ ਗਿਆ। ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਡੇਂਗੂ ਮੱਛਰ ਦੇ ਜ਼ਿਆਦਾ ਪ੍ਰਭਾਵ ਹੇਠ ਖੇਤਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਰਿਹਾਇਸ਼ੀ ਅਤੇ ਵਪਾਰਕ ਹਿੱਸਿਆਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੌਗਿੰਗ ਤੇਜ਼ ਕਰਨ, ਸੜਕਾਂ ਅਤੇ ਖਾਲੀ ਪਲਾਟਾਂ ’ਤੇ ਧਿਆਨ ਦੇ ਕੇ ਮੱਛਰਾਂ ਨੂੰ ਮਾਰਨ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੋਣ ਵਾਲੇ ਲਾਰਵੇ ਨੂੰ ਨਸ਼ਟ ਕਰਨ। ਉਨ੍ਹਾਂ ਵਸਨੀਕਾਂ ਨੂੰ ਵੀ ਭਰੋਸਾ ਦਿਵਾਇਆ ਕਿ ਉਹ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਨਿੱਜੀ ਤੌਰ ’ਤੇ ਨਜ਼ਰ ਰੱਖ ਰਹੇ ਹਨ।