ਜੋਗਿੰਦਰ ਸਿੰਘ ਓਬਰਾਏ
ਖੰਨਾ, 22 ਸਤੰਬਰ
ਪਾਇਲ ਥਾਣੇ ਵਿਚ ਲੋਕ ਇਨਸਾਫ਼ ਪਾਰਟੀ ਦੇ ਆਗੂ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਤੇ ਉਨ੍ਹਾਂ ਦੇ ਸਾਥੀਆਂ ਦੀ ਪੁਲੀਸ ਵੱਲੋਂ ਕੀਤੀ ਕੁੱਟਮਾਰ ਉਪਰੰਤ ਸਿਵਲ ਹਸਪਤਾਲ ਖੰਨਾ ਵਿੱਚ ਦਾਖਲ ਹੋਏ ਸ੍ਰੀ ਗਿਆਸਪੁਰਾ ਤੇ ਉਨ੍ਹਾਂ ਦੇ ਚਾਰ ਹੋਰ ਸਾਥੀਆਂ ਦਾ ਪਤਾ ਲੈਣ ਲਿਪ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਪੁੱਜੇ। ਸ੍ਰੀ ਬੈਂਸ ਨੇ ਪਾਇਲ ਘਟਨਾ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਜੇ ਸਬੰਧਤ ਦੋਸ਼ੀ ਪੁਲੀਸ ਅਧਿਕਾਰੀਆਂ ਖਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਐੱਸਐੱਸਪੀ ਦਫ਼ਤਰ ਖੰਨਾ ਦਾ ਘਿਰਾਓ ਕਰ ਕੇ ਅਗਲਾ ਸੰਘਰਸ਼ ਆਰੰਭਿਆ ਜਾਵੇਗਾ। ਇਸੇ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਿਪ ਜੋ ਵੀ ਸੰਘਰਸ਼ੀ ਪ੍ਰੋਗਰਾਮ ਉਲੀਕੇਗੀ, ਉਸ ਦਾ ਆਮ ਆਦਮੀ ਪਾਰਟੀ ਵੱਲੋਂ ਪੂਰਾ ਸਮਰਥਨ ਹੋਵੇਗਾ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਰਣਜੀਤ ਸਿੰਘ ਧਮੋਟ ਤੇ ਧਰਮਿੰਦਰ ਸਿੰਘ ਰੂਪਰਾਏ ਦੀ ਅਗਵਾਈ ਹੇਠਾਂ ਐੱਸ.ਐੱਸ.ਪੀ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਗਿਆਸਪੁਰਾ ਲੰਬੇ ਸਮੇਂ ਤੋਂ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ’ਤੇ ਥਾਣੇ ਅੰਦਰ ਕੀਤਾ ਗਿਆ ਹਮਲਾ, ਦਸਤਾਰ ਲਾਹੁਣ ਅਤੇ ਦਾੜ੍ਹੀ ਪੁੱਟਣ ਦੀ ਕਾਰਵਾਈ ਨਿੰਦਣਯੋਗ ਹੈ।