ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਅਗਸਤ
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ’ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਕਤਲ ਦੀ ਕੋਸ਼ਿਸ਼ ਸਣੇ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪਰ ਹਾਲੇ ਤੱਕ ਹਮਲਾਵਾਰਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ। ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜੀਵ ਰਾਜਾ ਨੇ ਕਿਹਾ ਕਿ 2 ਦਿਨ ਬੀਤਣ ’ਤੇ ਵੀ ਹਮਲਾਵਾਰਾਂ ਦਾ ਕੁਝ ਪਤਾ ਨਹੀਂ ਲੱਗਿਆ ਹੈ। ਰਾਜੀਵ ਰਾਜਾ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲੀਸ ਦੇ ਵੱਲੋਂ ਮੁਲਜ਼ਮਾਂ ਨੂੰ ਇੱਕ ਦਿਨ ’ਚ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਸੂਬਾ ਪੱਧਰੀ ਸਮਾਗਮ ਦੇ ਖਤਮ ਹੋਣ ਮਗਰੋਂ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨਗੇ ਤੇ ਉਨ੍ਹਾਂ ਤੋਂ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਜਵਾਬ ਮੰਗਿਆ ਜਾਵੇਗਾ। ਉਧਰ, ਪੀਏ ਢੀਂਡਸਾ ’ਤੇ ਹਮਲੇ ਦੀ ਜਾਣਕਾਰੀ ਮਿਲਦੇ ਹੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸ਼ਨਿੱਚਰਵਾਰ ਦੀ ਸਵੇਰੇ ਲੁਧਿਆਣਾ ਪੁੱਜੇ। ਉਨ੍ਹਾਂ ਨੇ ਹਸਪਤਾਲ ’ਚ ਦਾਖਲ ਆਪਣੇ ਪੀਏ ਦਾ ਹਾਲ-ਚਾਲ ਪੁੱਛਿਆ ਅਤੇ ਡਾਕਟਰਾਂ ਨਾਲ ਮੁਲਾਕਾਤ ਕਰ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਵੀ ਗੱਲ ਕਰ ਹੁਣ ਤੱਕ ਦੀ ਕਾਰਵਾਈ ਬਾਰੇ ਜਾਣਿਆ। ਦੱਸਿਆ ਜਾ ਰਿਹਾ ਹੈ ਕਿ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ’ਚ ਇੱਕ ਮੁਲਜ਼ਮ ਦੀ ਪਛਾਣ ਹੋ ਗਈ ਹੈ ਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਬਾਕੀ ਦੇ ਮੁਲਜ਼ਮਾਂ ਦਾ ਪਤਾ ਲਾ ਲਿਆ ਜਾਵੇਗਾ। ਉਧਰ, ਪੁਲੀਸ ਕਮਿਸ਼ਨਰ ਡਾ. ਕੌਸਤਬ ਸ਼ਰਮਾ ਨੇ ਦੱਸਿਆ ਕਿ ਪੁਲੀਸ ਲਗਾਤਾਰ ਇਸ ਮਾਮਲੇ ’ਚ ਜਾਂਚ ਕਰ ਰਹੀ ਹੈ। ਇੱਕ ਮੁਲਜ਼ਮ ਦੀ ਪਛਾਣ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਇਸ ਹਮਲੇ ’ਚ ਹਰਜਿੰਦਰ ਦੇ ਸਿਰ ’ਤੇ ਗਹਿਰੀ ਸੱਟ ਲੱਗੀ। ਲੋਕਾਂ ਨੇ ਉਨ੍ਹਾਂ ਨੂੰ ਬੇਸੁੱਧ ਹਾਲਤ ’ਚ ਦੇਖ ਤੁਰੰਤ ਐਂਬੂਲੈਸ ਬੁਲਾ ਕੇ ਹਸਪਤਾਲ ਪਹੁੰਚਾਇਆ।