ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਸਥਾਨਕ ਡੀ ਏ ਵੀ ਪਬਲਿਕ ਸਕੂਲ ਵਿਖੇ ਨਸ਼ਾ ਛੁਡਾਊ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਵੇਦ ਵਰਤ ਪਲਾਹ ਨੇ ਦੱਸਿਆ ਕਿ ਇਹ ਪ੍ਰੋਗਰਾਮ ਚੀਫ਼ ਜਸਟਿਸ ਦੁਆਰਾ ਸ਼ੁਰੂ ਕੀਤੀ ਗਈ ‘ਯੂਥ ਅਗੇਂਸਟ ਡਰੱਗਜ਼’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਇਕ ਸਿਹਤਮੰਦ ਤੇ ਸਕਾਰਾਤਮਕ ਜੀਵਨ-ਸ਼ੈਲੀ ਅਪਣਾਉਣ ਲਈ ਉਤਸ਼ਾਹਤ ਕਰਨਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਪਲਾਹ ਦੇ ਭਾਸ਼ਣ ਨਾਲ ਹੋਈ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਨਸ਼ਿਆਂ ਦੀ ਵਰਤੋਂ ਨਾ ਸਿਰਫ਼ ਉਨ੍ਹਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ ਬਲਕਿ ਉਨ੍ਹਾਂ ਦੇ ਭਵਿੱਖ ਅਤੇ ਕਰੀਅਰ ‘ਤੇ ਵੀ ਮਾੜਾ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਸਾਰਿਆਂ ਨੂੰ ਸਮਾਜ ਵਿੱਚ ਨਸ਼ਾ ਮੁਕਤ ਵਾਤਾਵਰਣ ਬਣਾਉਣ ਦਾ ਪ੍ਰਣ ਲੈਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਮੁੱਖ ਮਹਿਮਾਨ ਐੱਸ ਡੀ ਜੇ ਐੱਮ ਬਲਵਿੰਦਰ ਕੌਰ ਧਾਲੀਵਾਲ, ਜੇ ਐੱਮ ਆਈ ਸੀ ਸਾਕਸ਼ੀ ਚੌਧਰੀ, ਐਡਵੋਕੇਟ ਸਾਹਿਲ ਟੰਡਨ ਅਤੇ ਐਡਵੋਕੇਟ ਸਿਕੰਦਰ ਸਿੰਘ ਨੇ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਸੈਸ਼ਨ ਕੀਤੇ। ਉਨ੍ਹਾਂ ਨੇ ਸੌਖੇ ਸ਼ਬਦਾਂ ਵਿੱਚ ਦੱਸਿਆ ਕਿ ਸਿਗਰਟਨੋਸ਼ੀ, ਸ਼ਰਾਬ ਅਤੇ ਹੋਰ ਨਸ਼ੇ ਸਰੀਰ ਅਤੇ ਮਨ ‘ਤੇ ਕਿਵੇਂ ਮਾੜਾ ਪ੍ਰਭਾਵ ਪਾਉਂਦੇ ਹਨ। ਪ੍ਰਿੰਸੀਪਲ ਪਲਾਹ ਨੇ ਅਖ਼ੀਰ ਵਿੱਚ ਵਿਦਿਆਰਥੀਆਂ ਨੂੰ ਚੇਤੰਨ ਕਰਦੇ ਹੋਏ ਕਿਹਾ ਕਿ ਨਸ਼ਾਮੁਕਤ ਪੰਜਾਬ ਦਾ ਸੁਪਨਾ ਤਾਂ ਹੀ ਸਾਕਾਰ ਹੋਵੇਗਾ ਜਦੋਂ ਨੌਜਵਾਨ ਸਹੀ ਰਸਤਾ ਚੁਣਨਗੇ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣਗੇ। ਇਸ ਮੌਕੇ ਡੀ ਪੀ ਈ ਹਰਦੀਪ ਸਿੰਘ ਬਿੰਜਲ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
