ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 6 ਫਰਵਰੀ
ਨਵੀਂ ਸਵੇਰ ਵੈੱਲਫੇਅਰ ਕਲੱਬ ਵੱਲੋਂ ਸਥਾਨਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਚੱਲ ਕੇ ਖਾਲਸਾ ਚੌਕ ਤੱਕ ਕਿਸਾਨ ਅੰਦੋਲਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ, ਗ੍ਰਾਮ ਪੰਚਾਇਤਾਂ ਅਤੇ ਨੌਜਵਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਪ੍ਰਿੰ. ਬਲਜਿੰਦਰ ਸਿੰਘ ਤੂਰ ਦੇ ਯਤਨਾਂ ਸਦਕਾ ਕੱਢੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਤੇਜਿੰਦਰ ਸਿੰਘ ਕੂੰਨਰ, ਹਰਜਤਿੰਦਰ ਸਿੰਘ ਬਾਜਵਾ, ਸ਼ਿਵ ਕੁਮਾਰ ਸ਼ਿਵਲੀ, ਬਲਜਿੰਦਰ ਸਿੰਘ ਤੂਰ, ਬਲਜਿੰਦਰ ਸਿੰਘ ਰਤੀਪੁਰ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਕਠਪੁਤਲੀ ਬਣ ਕੇ ਨੱਚ ਰਹੀ ਹੈ, ਜਦ ਕਿ ਦੇਸ਼ ਦਾ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਰੁਲਣ ਲਈ ਮਜਬੂਰ ਹੋ ਰਿਹਾ ਹੈ। ਆਗੂਆਂ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਅਨੁਸਾਰ ਕਿਸਾਨਾਂ ਦੇ ਹੱਕ ’ਚ ਦਿੱਲੀ ਲਈ ਵਹੀਰਾਂ ਘੱਤਣ, ਕਿਉਂਕਿ ਕਿਸਾਨਾਂ ਵੱਲੋਂ ਜੋ ਤਿੰਨ ਖੇਤ ਵਿਰੋਧੀ ਬਿੱਲਾਂ ਵਿਰੁੱਧ ਜੰਗ ਛੇੜੀ ਹੈ, ਉਨ੍ਹਾਂ ਨੂੰ ਰੱਦ ਕਰਵਾਉਣ ਵਿਚ ਉਨ੍ਹਾਂ ਦਾ ਸਾਥ ਦੇਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਇਹ ਰੈਲੀਆਂ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੀਆਂ ਅਤੇ ਪਿੰਡ-ਪਿੰਡ ਜਾ ਕੇ ਸਾਡੀ ਸੰਸਥਾ ਲੋਕਾਂ ਨੂੰ ਇਸ ਅੰਦੋਲਨ ਲਈ ਪ੍ਰੇਰਿਤ ਕਰਦੀ ਰਹੇਗੀ। ਜਿੰਨੀ ਦੇਰ ਤੱਕ ਇਹ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ, ਓਨੀ ਦੇਰ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਅੰਤ ਵਿਚ ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਮੋਮਬੱਤੀਆਂ ਜਲਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।