ਪਰਾਲੀ ਦੀ ਸੰਭਾਲ ਬਾਰੇ ਜਾਗਰੂਕਤਾ ਰੈਲੀ
ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਇਥੋਂ ਦੇ ਏ ਐੱਸ ਸਕੂਲ ਖੰਨਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੀਆਈਆਈ ਫਾਊਡੇਸ਼ਨ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਐੱਸ ਐੱਸ ਪੀ ਡਾ. ਜੋਤੀ ਯਾਦਵ ਨੇ ਖੇਤੀਬਾੜੀ ਵਿਭਾਗ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਐੱਸ ਡੀ ਐੱਮ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਬਿਨਾਂ ਸਾੜੇ ਸੰਭਾਲਣ ਲਈ ਪ੍ਰੇਰਿਆ। ਉਨ੍ਹਾਂ ਸਮਾਗਮ ਵਿੱਚ ਹਾਜ਼ਰ ਪਰਾਲੀ ਪ੍ਰਬੰਧਨ ਕਲੱਸਟਰ ਅਤੇ ਨੋਡਲ ਅਫਸਰਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨ ਦੀ ਹਦਾਇਤ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅਜਿਹੇ ਸਮਾਗਮ ਰੋਜ਼ਾਨਾ ਹਰ ਬਲਾਕ ਵਿੱਚ ਕੀਤੇ ਜਾ ਰਹੇ ਹਨ ਤਾਂ ਜੋ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਹ ਮੁਹਿੰਮ ਅਧੀਨ ਜਾਗਰੂਕਤਾ ਵੈਨਾਂ ਚਲਾ ਕੇ, ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ, ਸਕੂਲਾਂ ਵਿੱਚ ਸਮਾਗਮ ਕਰਵਾ ਕੇ, ਅਖਬਾਰਾਂ ਰਾਹੀਂ ਅਤੇ ਵਟਸਐਪ ਸੰਦੇਸ਼ਾਂ ਰਾਹੀਂ, ਕੰਧਾਂ ਤੇ ਲਿਖੇ ਸਲੋਗਨਾਂ ਰਾਹੀਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਇੰਜਨੀਅਰ ਅਮਨਪ੍ਰੀਤ ਸਿੰਘ ਘਈ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਤੱਕ 9 ਹਜ਼ਾਰ ਤੋਂ ਵੱਧ ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਗਈਆਂ ਹਨ ਅਤੇ ਇਸ ਸਾਲ ਵੀ ਹੁਣ ਤੱਕ ਕਿਸਾਨਾਂ ਵੱਲੋਂ ਤਕਰੀਬਨ 500 ਹੋਰ ਮਸ਼ੀਨਾਂ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ ਪੇਟਿੰਗ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਪਰਾਲੀ ਨੂੰ ਬਿਨ੍ਹਾਂ ਸਾੜੇ ਸੰਭਾਲਣ ਵਾਲੇ 15 ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ।