ਸੋਨਮ ਵਾਂਗਚੁਕ ਨੂੰ ਗ੍ਰਿਫ਼ਤਾਰ ਕਰਨ ਦੀ ਬਾਬਾ ਭਾਨ ਸਿੰਘ ਨੌਜਵਾਨ ਸਭਾ ਵੱਲੋਂ ਨਿਖੇਧੀ
ਲੋਕਾਂ ਨੂੰ ਇਸ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਦੀ ਅਪੀਲ
ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਐਡਵੋਕੇਟ ਹਰਪ੍ਰੀਤ ਜ਼ੀਰਖ ਅਤੇ ਜਨਰਲ ਸਕੱਤਰ ਰਾਕੇਸ਼ ਆਜ਼ਾਦ ਨੇ ਲਦਾਖੀ ਲੋਕਾਂ ਦੇ ਹੱਕਾਂ ਲਈ ਲੜ ਰਹੇ ਸੋਨਮ ਵਾਂਗਚੁਕ ਨੂੰ ਐਨਐਸਏ ਤਹਿਤ ਗ੍ਰਿਫਤਾਰ ਕਰਨ ਦੀ ਨਿਖੇਧੀ ਕਰਦਿਆਂ ਉਸ ਦੀ ਫੌਰੀ ਰਿਹਾਈ ਦੀ ਮੰਗ ਕੀਤੀ ਹੈ। ਨੌਜਵਾਨ ਸਭਾ ਪੰਜਾਬ ਨੇ ਅਮਨ-ਪਸੰਦ ਅਤੇ ਨਿਆਂ-ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਾ ਵਿਰੋਧ ਕਰਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਇਹ ਪ੍ਰਦਰਸ਼ਨ, ਲੱਦਾਖ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਦਾ ਹਿੱਸਾ ਸੀ, ਜਿਸ ਦੀਆਂ ਮੁੱਖ ਮੰਗਾਂ ਖੇਤਰ ਨੂੰ ਰਾਜ ਦਾ ਦਰਜਾ ਦੇਣਾ ਅਤੇ ਇਸ ਨੂੰ ਸੰਵਿਧਾਨ ਦੀ ਛੇਵੇਂ ਸ਼ਡਿਊਲ ਵਿੱਚ ਸ਼ਾਮਿਲ ਕਰਨਾ ਹਨ। ਪ੍ਰਸਿੱਧ ਕਾਰਕੁਨ ਵਾਂਗਚੁਕ ਅਤੇ ਹੋਰ 34 ਲੋਕ 10 ਸਤੰਬਰ ਤੋਂ ਅਨਿਸ਼ਚਿਤ ਭੁੱਖ ਹੜਤਾਲ ’ਤੇ ਬੈਠੇ ਸਨ।
ਉਨ੍ਹਾਂ ਕਿਹਾ ਕਿ 2019 ਵਿੱਚ ਜੰਮੂ-ਕਸ਼ਮੀਰ ਨੂੰ ਤੋੜਨ ਸਮੇਂ ਭਾਜਪਾ ਸਰਕਾਰ ਨੇ ਰਾਜ ਦਾ ਦਰਜਾ ਦੇਣ ਅਤੇ ਲੱਦਾਖ ਦੇ ਲੋਕਾਂ ਦੇ ਮੁੱਦੇ ਹੱਲ ਕਰਨ ਦਾ ਵਾਅਦਾ ਕੀਤਾ ਸੀ। ਪਰ ਦੋਵੇਂ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਹੁਣ ਭਾਜਪਾ-ਆਰ.ਐਸ.ਐਸ. ਸਰਕਾਰ ਸੋਨਮ ਵਾਂਗਚੁਕ ’ਤੇ ਨੌਜਵਾਨਾਂ ਨੂੰ ਹਿੰਸਾ ਲਈ ਉਕਸਾਉਣ ਦਾ ਦੋਸ਼ ਮੜ੍ਹ ਰਹੀ ਹੈ। ਸਰਕਾਰ ਹੁਣ ਵੀ ਲੱਦਾਖ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਰ ਐੱਸ ਐੱਸ ਭਾਜਪਾ ਦੀ ਹਿੰਦੂਤਵਾ, ਜੋ ‘ਹਿੰਦੂ, ਹਿੰਦੀ, ਹਿੰਦੁਸਤਾਨ’ ਦੀ ਧਾਰਨਾ ‘ਤੇ ਆਧਾਰਤ ਹੈ, ਖੇਤਰੀ ਅਤੇ ਧਾਰਮਿਕ ਘੱਟ ਗਿਣਤੀਆਂ ਦੇ ਮੁੱਦਿਆਂ ਨੂੰ ਸਮਝਣ ਵਿੱਚ ਅਸਮਰਥ ਹੈ। ਉੱਤਰ-ਪੂਰਬ ਦਾ ਮਣੀਪੁਰ ਪਿਛਲੇ ਦੋ ਸਾਲਾਂ ਤੋਂ ਸੜ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕੋਈ ਅਸਲ ਕਦਮ ਨਹੀਂ ਚੁੱਕਿਆ।
ਉਨ੍ਹਾਂ ਕਿਹਾ ਕਿ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਇਹ ਜਬਰ ਤੁਰੰਤ ਬੰਦ ਕਰਨ , ਲੱਦਾਖ ਨੂੰ ਛੇਵੇਂ ਸ਼ਡਿਊਲ ਵਿੱਚ ਸ਼ਾਮਿਲ ਕਰਨ ਅਤੇ ਇਸਨੂੰ ਰਾਜ ਦਾ ਦਰਜਾ ਦੇਣ ਦੀ ਮੰਗ ਕਰਨ ਦੇ ਨਾਲ ਨਾਲ ਪ੍ਰਦਰਸ਼ਨਕਾਰੀਆਂ ਖਿਲਾਫ ਪ੍ਰਚਾਰ ਬੰਦ ਕਰਕੇ ਤੁਰੰਤ ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ।