ਲੁਧਿਆਣਾ( ਗੁਰਿੰਦਰ ਸਿੰਘ): ਕਿਸਾਨ ਜੱਥੇਬੰਦੀਆਂ ਵਲੋਂ 6 ਫਰਵਰੀ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਦਾ ਲੋਕ ਇਨਸਾਫ਼ ਪਾਰਟੀ ਵੱਲੋਂ ਪੂਰਨ ਸਮਰਥਨ ਦਾ ਐਲਾਨ ਕਰਦਿਆਂ ਪਾਰਟੀ ਮੁੱਖੀ ਸਿਮਰਜੀਤ ਸਿੰਘ ਬੈਂਸ ਵਲੋਂ ਸਮੁੱਚੇ ਪੰਜਾਬ ਵਿੱਚ ਬੰਦ ਨੂੰ ਸਫ਼ਲ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਅੱਜ ਇੱਥੇ ਸਿਮਰਜੀਤ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਤੇ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਖਾਸ ਤੌਰ ’ਤੇ ਤਾਕੀਦ ਕੀਤੀ ਗਈ ਹੈ ਕਿ ਭਾਰਤ ਬੰਦ ਸ਼ਾਂਤਮਈ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਵੱਖ ਵੱਖ ਟਰੱਕ ਅਤੇ ਟੈਂਪੂ ਅਪਰੇਟਰ ਯੂਨੀਅਨਾਂ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਲਕੇ 6 ਫਰਵਰੀ ਦੇ ਚੱਕਾ ਜਾਮ ਦੀ ਹਮਾਇਤ ਦਾ ਐਲਾਨ ਕੀਤਾ ਹੈ। ਅੱਜ ਇੱਥੇ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਸਾਬਕਾ ਪ੍ਰਧਾਨ ਚਰਨ ਸਿੰਘ ਲੁਹਾਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਕਾਰੋਬਾਰ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।