ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਜੂਨ
ਲੁਧਿਆਣਾ ਵਿੱਚ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਬਣਾਉਣ, ਦਰਾਮਦ ਕਰਨ, ਭੰਡਾਰ ਕਰਨ, ਵੰਡ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਬਦਲਾਅ ਮੰਤਰਾਲੇ, ਚੰਡੀਗੜ੍ਹ (ਐੱਮਓਈਐੱਫ ਅਤੇ ਸੀਸੀ), ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀ.ਐੱਸ.ਆਰ. 571(ੲ), ਮਿਤੀ 12-08-2021 ਤਹਿਤ ਲਗਾਈ ਗਈ ਹੈ। ਇਹ ਜਾਣਕਾਰੀ ਅੱਜ ਸਥਾਨਕ ਬੱਚਤ ਭਵਨ ਵਿੱਚ ਇਕ ਮੀਟਿੰਗ ਦੌਰਾਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੀਤਾ ਦਰਸ਼ੀ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਪੂਨਮ ਪ੍ਰੀਤ ਕੌਰ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸੀਨੀਅਰ ਵਾਤਾਵਰਣ ਇੰਜਨੀਅਰ ਜੀ.ਐੱਸ. ਗਿੱਲ ਵੀ ਮੌਜੂਦ ਸਨ।
ਸ੍ਰੀਮਤੀ ਮਲਿਕ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਰੋਜ਼ਾਨਾ ਦੇ ਕੰਮਾਂ, ਦਫ਼ਤਰਾਂ ਅਤੇ ਅੰਤਰ-ਵਿਭਾਗੀ ਮੀਟਿੰਗਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ। ਉਨ੍ਹਾਂ ਸਬੰਧਤ ਸਾਰੇ ਵਿਭਾਗਾਂ ਨੂੰ ਸਿੰਗਲ ਯੂਜ਼ ਪਲਾਸਟਿਕ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਹਦਾਇਤ ਵੀ ਕੀਤੀ।
ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇੰਜਨੀਅਰ ਸ੍ਰੀ ਗਿੱਲ ਨੇ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਭਾਰਤ ਸਰਕਾਰ ਦੇ ਮਹੱਤਵਪੂਰਨ ਨਿਰਦੇਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਦੀ ਕਿਸਮ, ਇਸ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਵੱਲੋਂ ਪਾਬੰਦੀਸ਼ੁਦਾ ਵਸਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸੰਜੀਵ ਕੁਮਾਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜਨੀਅਰ ਡਾ. ਐੱਮ.ਐੱਲ. ਚੌਹਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਪਾਬੰਦੀ ਵਾਲੀਆਂ ਵਸਤਾਂ
ਹੁਕਮਾਂ ਅਨੁਸਾਰ ਪਲਾਸਟਿਕ ਸਟਿੱਕਸ, ਕਟਲਰੀ ਆਈਟਮਾਂ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪੈਕੇਜਿੰਗ/ਰੈਪਿੰਗ ਫਿਲਮਾਂ, 100 ਮਾਈਕਰੋਨ ਤੋਂ ਘੱਟ ਪੀਵੀਸੀ ਬੈਨਰ ਅਤੇ ਅਜਿਹੀਆਂ ਹੋਰ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾਂ ’ਤੇ ਉਕਤ ਪਾਬੰਦੀ ਲਗਾਈ ਹੈ।