ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 28 ਅਕਤੂਬਰ
ਇੱਥੇ ਵੱਖ-ਵੱਖ ਬੈਂਕਾਂ ਦੇ ਸੇਵਾ ਮੁਕਤ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਸੰਘਰਸ਼ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ। ਆਲ ਇੰਡੀਆ ਬੈਂਕ ਰਿਟਾਇਰੀਜ਼ ਫੋਰਮ ਦੀ ਸਥਾਨਕ ਇਕਾਈ ਦੀ ਇੱਥੋਂ ਦੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਈ ਮੀਟਿਂਗ ਦੇ ਸਮਾਪਤੀ ਸੈਸ਼ਨ ਦੌਰਾਨ ਪ੍ਰਧਾਨ ਕੇਵਲ ਕ੍ਰਿਸ਼ਨ ਬਾਂਸਲ ਅਤੇ ਕੇਦਾਰ ਨਾਥ ਕਪਿਲਾ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਇਸ ਨਾਲ ਗਠਜੋੜ ਬਣਾ ਕੇ ਚੋਣਾਂ ਲੜਣ ਵਾਲੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਵਿਰੋਧਤਾ ਕਰਨਗੇ। ਇਸ ਤੋਂ ਇਲਾਵਾ ਸੇਵਾ ਮੁਕਤ ਮੁਲਾਜ਼ਮ ਆਪਣੇ ਆਪਣੇ ਬੈਂਕ ਦੇ ਮੁਲਾਜ਼ਮਾਂ ਦੀਆਂ ਯੂਨੀਅਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਵੀ ਇਸ ਸੰਘਰਸ਼ ਵਿੱਚ ਹਿੱਸਾ ਪਾਉਣ ਲਈ ਲਾਮਬੰਦ ਕਰਨਗੇ। ਪੈਨਸ਼ਨ ਅਪਡੇਸ਼ਨ ਅਤੇ ਪਿੱਤਰੀ ਬੈਂਕ ਵੱਲੋਂ ਸਿਹਤ ਬੀਮਾ ਕਰਵਾ ਕੇ ਦੇਣਾ ਮੁੱਖ ਮੰਗਾਂ ਦੱਸੀਆਂ ਗਈਆਂ ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਮੌਜੂਦਾ ਕੇਂਦਰ ਸਰਕਾਰ ਬੀਤੇ ਕਈ ਸਾਲਾਂ ਤੋਂ ਸੇਵਾਮੁਕਤ ਬੈਂਕ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਨਜ਼ਰਅੰਦਾਜ਼ ਕਰਦੀ ਆ ਰਹੀ ਹੈ ਅਤੇ ਅਦਾਲਤਾਂ ਵਿੱਚ ਚੱਲਦੇ ਕੇਸਾਂ ਵਿੱਚ ਵੀ ਗੁਮਰਾਹਕੁੰਨ ਜਾਣਕਾਰੀਆਂ ਦੇ ਰਹੀ ਹੈ।