ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਸਤੰਬਰ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਨਸ਼ੇ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਨਸ਼ਿਆਂ ਨਾਲ ਮਰ ਰਹੀ ਨੌਜਵਾਨ ਪੀੜ੍ਹੀ ਨੂੰ ਬਚਾਉਣ ’ਚ ਪੂਰੀ ਤਰ੍ਹਾਂ ਫੇਲ੍ਹ ਅਤੇ ਅਸਮਰੱਥ ਨਜ਼ਰ ਆ ਰਹੀ ਹੈ ਜਿਸ ਕਾਰਨ ਜਨਤਾ ਦੁਖੀ ਅਤੇ ਪ੍ਰੇਸ਼ਾਨ ਹੈ।
ਅੱਜ ਇੱਥੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰਾਂ ਤਾਂ ਬਦਲ ਗਈਆਂ ਪਰ ਹਾਲਾਤ ਹਾਲੇ ਤੱਕ ਨਹੀਂ ਬਦਲੇ। ਪੰਜਾਬ ਨਸ਼ਿਆਂ ਦੀ ਅਜਿਹੀ ਲਪੇਟ ਵਿੱਚ ਹੈ ਕਿ ਸਕੂਲਾਂ ਤੋਂ ਲੈ ਕੇ ਜਨਰਲ ਸਟੋਰਾਂ ਤੱਕ ਨਸ਼ੇ ਵਿਕ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਸਕੂਲੀ ਬੱਚੇ ਨਸ਼ੇ ਦੇ ਆਦੀ ਹੁੰਦੇ ਜਾ ਰਹੇ ਹਨ ਪਰ ਹੁਣ ਤਾਂ ਔਰਤਾਂ ਵੀ ਨਸ਼ੇ ਦੀ ਦਲਦਲ ਵਿੱਚ ਧੱਸਦੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਆਪ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਨਜ਼ਦੀਕ ਨੌਜਵਾਨਾਂ ਦੀਆਂ ਨਸ਼ਿਆਂ ਕਰਦਿਆਂ ਦੀਆਂ ਵੀਡਿਓ ਰੋਜ਼ਾਨਾ ਸੋਸ਼ਲ ਮੀਡੀਆ ਤੇ ਵਾਇਰਲ ਹੋਣਾ ਸਾਬਤ ਕਰਦਾ ਹੈ ਕਿ ਸੂਬੇ ਦੀ ‘ਆਪ’ ਸਰਕਾਰ ਨਸ਼ਿਆਂ ਦੇ ਇਸ ਤੂਫ਼ਾਨ ਨੂੰ ਠੱਲ੍ਹਣ ਵਿਚ ਨਾਕਾਮ ਸਾਬਤ ਹੋਈ ਹੈ ਅਤੇ ਪਿਛਲੀਆਂ ਸਰਕਾਰਾਂ ਵਾਂਗ ਹੀ ਇਹ ਸਰਕਾਰ ਵੀ ਕੇਵਲ ਨਸ਼ਿਆਂ ਦੇ ਮੁੱਦੇ ‘ਤੇ ਰਾਜਨੀਤੀ ਕਰਨ ਤੋਂ ਸਿਵਾਏ ਕੋਈ ਵੀ ਠੋਸ ਕਦਮ ਨਹੀਂ ਚੁੱਕ ਰਹੀ।