ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਆਗੂ ਟੀਮ ਨੇ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਸਸਰਾਲੀ ਬੰਨ੍ਹ ਤੋਂ ਇਲਾਵਾ ਪਿੰਡ ਰੋੜ, ਕਲੋਨੀਆਂ, ਸਸਰਾਲੀ ਤੇ ਮਾਂਗਟ ਦਾ ਦੌਰਾ ਕੀਤਾ ਜਿੱਥੇਦਰਿਆ ਦੇ ਨਾਲ ਲੱਗਦੇ ਪਿੰਡਾਂ ਦੀ ਤਕਰੀਬਨ ਦੋ ਸੋ ਏਕੜ ਜ਼ਮੀਨ ਦਰਿਆ ਵਿੱਚ ਰੁੜ ਗਈ ਹੈ।
ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮੀਤ ਪ੍ਰਧਾਨ ਮਨੋਹਰ ਸਿੰਘ ਕਲਾੜ ਅਤੇ ਹਰਜੀਤ ਸਿੰਘ ਘਲੋਟੀ ਦੀ ਅਗਵਾਈ ਹੇਠ ਵਫ਼ਦ ਨੇ ਸਸਰਾਲੀ ਬੰਨ੍ਹ ਤੇ ਚੱਲ ਰਹੇ ਕੰਮ ਦਾ ਨਿਰੀਖਣ ਕਰਨ ਆਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਵੀ ਮੁਲਾਕਾਤ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ।
ਵਫ਼ਦ ਦੀ ਮੰਗ ਤੇ ਡਿਪਟੀ ਕਮਿਸ਼ਨਰ ਨੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਿਦਾਇਤਾਂ ਜਾਰੀ ਕੀਤੀਆਂ। ਆਗੂਆਂ ਨੇ ਦੱਸਿਆ ਕਿ ਦਰਿਆ ਦੇ ਕੰਢਿਆਂ ਦੇ ਨਾਲ ਲੱਗਦੀ ਜ਼ਮੀਨ ਪਾਣੀ ਵਿੱਚ ਰੁੜ੍ਹ ਗਈ ਹੈ ਅਤੇ ਪਾਪੂਲਰ ਦੀ ਖੇਤੀ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਭਰਿਆ ਪਾਣੀ ਹਾਲੇ ਕਈ ਦਿਨ ਖਾਲੀ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਦੀਆਂ ਦੀਆਂ ਜ਼ਮੀਨਾਂ ਨੂੰ ਪੱਧਰ ਕਰਨ ਤੇ ਠੀਕ ਕਰਨ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਉਨ੍ਹਾਂ ਦੀ ਹਰ ਸਹਾਇਤਾ ਕਰੇਗੀ। ਇਸ ਮੌਕੇ ਯੁਵਰਾਜ ਸਿੰਘ ਘੁਡਾਣੀ, ਹਰਪ੍ਰੀਤ ਸਿੰਘ ਭੈਣੀ ਸਾਹਿਬ, ਕੁਲਦੀਪ ਸਿੰਘ ਗਰੇਵਾਲ ਟੰਡੀ, ਸੁਖਦੀਪ ਸਿੰਘ ਲਾਡੀ ਤੇ ਕਰਨੈਲ ਸਿੰਘ ਵੀ ਹਾਜ਼ਰ ਸਨ।
70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ
ਆਗੂਆਂ ਨੇ ਮੰਗ ਕੀਤੀ ਕਿ ਸਰਕਾਰ 70 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ, ਪੀੜਤ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਣਕ ਬੀਜਣ ਤੱਕ ਕਿਸਾਨਾਂ ਦੀ ਹਰ ਸੰਭਵ ਕੋਸ਼ਿਸ਼ ਕਰਕੇ ਸਹਿਯੋਗ ਕੀਤਾ ਜਾਵੇਗਾ।